ਬਰਨਾਲਾ, 16 ਅਗਸਤ (ਮੰਗਲ ਸਿੰਘ) : ਪੰਜਾਬ ਸਰਕਾਰ ਵੱਲੋਂ ਜਨਮ ਅਤੇ ਮੌਤ ਸਬੰਧੀ ਦਸਤਾਵੇਜ਼ਾਂ ਦੀ ਪ੍ਰਵਾਨਗੀ ਨੂੰ ਸਰਲ ਕਰ ਦਿੱਤਾ ਗਿਆ ਹੈ, ਜਿਸ ਤਹਿਤ ਹੁਣ ਰਜਿਸਟਰਾਰ ਦਫਤਰ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਜਨਮ ਅਤੇ ਮੌਤ ਸਰਟੀਫਿਕੇਟ ਪ੍ਰਾਪਤ ਕੀਤੇ ਜਾ ਸਕਣਗੇ। ਜ਼ਿਲਾ ਬਰਨਾਲਾ ਵਿੱਚ ਵੀ ਪ੍ਰਾਈਵੇਟ ਹਸਪਤਾਲਾਂ ਰਾਹੀਂ ਜਨਮ ਸਰਟੀਫਿਕੇਟ ਦੇਣ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ, ਜਿਸ ਕਰ ਕੇ 75ਵੇਂ ਆਜ਼ਾਦੀ ਦਿਵਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪ੍ਰਾਈਵੇਟ ਹਸਪਤਾਲਾਂ ਵਿਚ ਜਨਮੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੇ ਜਨਮ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਇਸ ਨਾਲ ਲੋਕਾਂ ਦੀ ਖੱਜਲ-ਖੁਆਰੀ ਵੀ ਘਟੇਗੀ ਅਤੇ ਸਮਾਂ ਵੀ ਬਚੇਗਾ। ਉਨਾਂ ਕਿਹਾ ਕਿ ਇਹ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਸੰਭਵ ਹੋਇਆ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਦੇਵਦਰਸ਼ਦੀਪ ਸਿੰਘ, ਜ਼ਿਲਾ ਟੈਕਨੀਕਲ ਕੋਆਰਡੀਨੇਟਰ ਸੰਜੇ ਆਹੂਜਾ, ਜ਼ਿਲਾ ਸਹਾਇਕ ਮੈਨੇਜਰ ਮਨਜੀਤ ਸ਼ਰਮਾ ਤੇ ਮਾਸਟਰ ਟਰੇਨਰ ਕੁਲਵਿੰਦਰ ਸਿੰਘ ਮੌਜੂਦ ਸਨ।