ਚੰਡੀਗੜ੍ਹ,15 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਡ ਮੰਡੀ ਵਿਖੇ ਹੋ ਰਹੀ ਰੈਲੀ ਦੇ ਮੱਦੇਨਜ਼ਰ ਮੌੜ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰਨ ਵਾਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ ਗੋਇਲ ਅਤੇ ਐਲੀਮੈਂਟਰੀ ਭੁਪਿੰਦਰ ਕੌਰ ਨੂੰ ਡਿਪਟੀ ਕਮਿਸ਼ਨਰ ਬਠਿੰਡਾ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨੋਟਿਸ ਵਿੱਚ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਕਿਹਾ ਗਿਆ ਹੈ ਕਿ ਬਿਨਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੇ ਮੁੱਖ ਮੰਤਰੀ ਦੀ ਰੈਲੀ ਦਾ ਹਵਾਲਾ ਦੇ ਕੇ ਇੱਕ ਦਿਨ ਲਈ ਸਾਰੇ ਸਕੂਲ ਬੰਦ ਕਰਨ ਦੇ ਗ਼ੈਰ ਜਿੰਮੇਵਾਰਾਨਾ ਹੁਕਮ ਜਾਰੀ ਕਰਨ ਲਈ ਦੋ ਦਿਨਾਂ ਦੇ ਅੰਦਰ ਲਿਖਤੀ ਤੌਰ ‘ਤੇ ਜਵਾਬ ਦਿੱਤਾ ਜਾਵੇ। ਸੂਤਰਾਂ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਨੋਟਿਸ ਜਾਰੀ ਕਰਨ ਤੋਂ ਇਲਾਵਾ ਵਿਭਾਗੀ ਅਧਿਕਾਰੀਆਂ ਨੂੰ ਦੋਵਾਂ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਵੀ ਲਿਖਿਆ ਗਿਆ ਹੈ । ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌੜ ਮੰਡੀ ਵਿਖੇ ਹੋ ਰਹੀ ਰੈਲੀ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਸਿਕਿਉਰਟੀ ਸਟਾਫ਼ ਨੂੰ ਸਕੂਲਾਂ ਵਿੱਚ ਠਹਿਰਾਉਣ ਦਾ ਹਵਾਲਾ ਦੇ ਕੇ ਸਕੂਲਾਂ ਵਿੱਚ 16 ਦਸੰਬਰ ਦੀ ਛੁੱਟੀ ਦੇ ਹੁਕਮ ਜਾਰੀ ਕਰ ਦਿੱਤੇ ਸਨ। ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਇਹ ਹੁਕਮ ਚਰਚਾ ਵਿੱਚ ਆਉਣ ਤੋਂ ਬਾਅਦ ਇਸ ਦਾ ਪੰਜਾਬ ਸਰਕਾਰ ਨੇ ਨੋਟਿਸ ਲਿਆ ਅਤੇ ਡਿਪਟੀ ਕਮਿਸ਼ਨਰ ਨੂੰ ਇਸ ਮਾਮਲੇ ‘ਚ ਕਾਰਵਾਈ ਲਈ ਕਿਹਾ ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਦੋਵੇਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਬਠਿੰਡਾ ਨੂੰ ਨੋਟਿਸ ਜਾਰੀ ਕੀਤਾ ਹੈ। ਭਾਵੇਂ ਡਿਪਟੀ ਕਮਿਸ਼ਨਰ ਨੇ ਦੋਵੇਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਕੂਲ ਬੰਦ ਕਰਨ ਦੇ ਉਕਤ ਹੁਕਮਾਂ ਕਾਰਨ ਨੋਟਿਸ ਤਾਂ ਜਾਰੀ ਕਰ ਦਿੱਤਾ ਹੈ ਪ੍ਰੰਤੂ ਚਰਚਾ ਇਹ ਵੀ ਹੈ ਕਿ ਆਖ਼ਰ ਕਿਸੇ ਨਾ ਕਿਸੇ ਸਮਰੱਥ ਅਥਾਰਿਟੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸਕੂਲਾਂ ਵਿੱਚ ਮੁੱਖ ਮੰਤਰੀ ਸਿਕਿਉਰਟੀ ਸਟਾਫ਼ ਠਹਿਰਾਉਣ ਸਬੰਧੀ ਕਿਹਾ ਹੋਵੇਗਾ, ਜਿਸ ਕਰਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਇੱਕ ਦਿਨ ਲਈ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਕਿਉਂਕਿ ਮੁੱਖ ਮੰਤਰੀ ਦੇ ਸਿਕਿਉਰਟੀ ਸਟਾਫ਼ ਨੂੰ ਸਕੂਲਾਂ ਵਿੱਚ ਠਹਿਰਾਉਣ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਸਮਰੱਥ ਅਥਾਰਿਟੀ ਨਹੀਂ ਹਨ।
