ਬਰਨਾਲਾ 26 ਅਗਸਤ (ਨਿਰਮਲ ਸਿੰਘ ਪੰਡੋਰੀ) ਪਿਛਲੇ ਸਮੇਂ ਦੌਰਾਨ ਬਿਜਲੀ ਦੇ ਬਿੱਲ ਨਾ ਭਰਨ ਕਰਕੇ ਮਜ਼ਦੂਰਾਂ ਦੇ ਘਰਾਂ ਚੋਂ ਪੁੱਟੇ ਗਏ ਮੀਟਰ ਦੁਬਾਰਾ ਲਾਏ ਜਾਣਗੇ ਅਤੇ ਅੱਗੇ ਤੋਂ ਬਿਲ ਨਾ ਭਰ ਸਕਣ ਵਾਲੇ ਮਜ਼ਦੂਰਾਂ ਦੇ ਬਿਜਲੀ ਕੁਨੈਕਸ਼ਨ ਨਹੀਂ ਕੱਟੇ ਜਾਣਗੇ। ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਜ਼ਦੂਰ ਜਥੇਬੰਦੀਆਂ ਨਾਲ ਹੋਈ ਇੱਕ ਮੀਟਿੰਗ ‘ਚ ਇਹ ਭਰੋਸਾ ਦਿੱਤਾ। ਮੀਟਿੰਗ ‘ਚ ਇਹ ਵੀ ਫੈਸਲਾ ਹੋਇਆ ਕਿ ਮਜ਼ਦੂਰਾਂ ਦੇ ਆਟਾ ਦਾਲ ਸਕੀਮ ਦੇ ਕੱਟੇ ਹੋਏ ਕਾਰਡ ਲਾਗੂ ਕੀਤੇ ਜਾਣਗੇ ਅਤੇ ਨਵੇਂ ਕਾਰਡ ਬਣਾਉਣ ਦੀ ਕਾਰਵਾਈ ਇਕ ਹਫਤੇ ‘ਚ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਮਜ਼ਦੂਰ ਜਥੇਬੰਦੀਆਂ ਉਕਤ ਮੰਗਾਂ ਸਮੇਤ ਆਪਣੀਆਂ ਹੋਰ ਮੰਗਾਂ ਮਨਵਾਉਣ ਲਈ ਕਾਫੀ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਬ੍ਰਹਮ ਮਹਿੰਦਰਾ ਦੀ ਡਿਊਟੀ ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕਰਨ ਦੀ ਲਗਾਈ ਸੀ। ਭਾਵੇਂ ਕਿ ਸ੍ਰੀ ਮਹਿੰਦਰਾ ਨੇ ਮਜ਼ਦੂਰ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਾਕੀ ਮੰਗਾਂ ਅਤੇ ਮਸਲੇ ਵੀ ਅਗਲੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਵਾਏ ਜਾਣਗੇ ਫਿਰ ਵੀ ਮਜ਼ਦੂਰ ਜਥੇਬੰਦੀਆਂ ਨੇ ਸਾਰੀਆਂ ਮੰਗਾਂ ਮੰਨੇ ਜਾਣ ਤੱਕ ਆਪਣਾ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।