ਪੁਲਿਸ ਫੋਰਸ ਵਿੱਚ ਕਾਲੀਆਂ ਭੇਡਾਂ ਦੇ ਖ਼ਿਲਾਫ਼ ਕਾਰਵਾਈ ਸਬੰਧੀ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਵੱਲੋਂ ਕੁਝ ਦਿਨ ਪਹਿਲਾਂ ਦਿੱਤੇ ਬਿਆਨ ਨੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਨੂੰ ਐਸਟੀਐਫ ਮੋਹਾਲੀ ਨੇ ਅੱਧਾ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਫਰੀਦਕੋਟ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਗੁਰਪ੍ਰੀਤ ਸਿੰਘ ਨੂੰ ਉਸ ਦੀ ਮਹਿਲਾ ਸਾਥੀ ਨਵਕਿਰਨ ਕੌਰ ਸਮੇਤ ਅੱਧਾ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਸੂਤਰਾਂ ਅਨੁਸਾਰ ਦੋਸ਼ੀ ਪੁਲਿਸ ਮੁਲਾਜ਼ਮ ਅਜੇ ਕੁਝ ਸਮਾਂ ਪਹਿਲਾਂ ਹੀ ਨੌਕਰੀ ‘ਤੇ ਬਹਾਲ ਹੋਇਆ ਸੀ। ਜੇਕਰ ਯੋਗ ਹੈ ਕਿ ਪੰਜਾਬ ਚ ਨਸ਼ਾ ਤਸਕਰਾਂ ਦੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਦੌਰਾਨ ਹੀ ਪੰਜਾਬ ਪੁਲਿਸ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਵੀ ਕੀਤੀਆਂ ਗਈਆਂ ਸਨ, ਇਹਨਾਂ ਬਦਲੀਆਂ ਦੀ ਪ੍ਰਕਿਰਿਆ ਨੂੰ ਕੁਝ ਪੁਲਿਸ ਮੁਲਾਜ਼ਮਾਂ ਦੇ ਨਸ਼ਾ ਤਸਕਰਾਂ ਨਾਲ ਸੰਬੰਧਾਂ ਦੇ ਸੰਦਰਭ ਵਿੱਚ ਵੇਖਿਆ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਪਹਿਲਾਂ ਨਾਲੋਂ ਕੁਝ ਵਧੇਰੇ ਸੰਜੀਦਗੀ ਨਾਲ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਰਗਰਮ ਹੈ।