ਬਰਨਾਲਾ,18 ਜੁਲਾਈ, (ਨਿਰਮਲ ਸਿੰਘ ਪੰਡੋਰੀ)-
-ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਵੱਲੋਂ ਪਿਛਲੇ ਦਿਨੀ ਬਰਨਾਲਾ ਜ਼ਿਲ੍ਹੇ ਦੇ ਥਾਣਾ ਮੁਖੀ ਦੇ ਕੀਤੇ ਤਬਾਦਲਿਆਂ ਤਹਿਤ ਇੰਸਪੈਕਟਰ ਲਖਵਿੰਦਰ ਸਿੰਘ ਨੇ ਥਾਣਾ ਸਿਟੀ-1 ਦਾ ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਕਰਮਚਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਵੱਖ-ਵੱਖ ਅਦਾਰਿਆਂ ਦੇ ਪੱਤਰਕਾਰਾਂ ਨੇ ਥਾਣਾ ਮੁਖੀ ਨੂੰ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਪ੍ਰਤੀ ਜਾਣਕਾਰੀ ਦਿੱਤੀ, ਜਿਨਾਂ ਸਬੰਧੀ ਐਸਐਚਓ ਲਖਵਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਪੱਤਰਕਾਰਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਸ਼ਹਿਰੀਆਂ ਨੂੰ ਦਰਪੇਸ਼ ਇਹਨਾਂ ਸਮੱਸਿਆਵਾਂ ਤੋਂ ਨਿਜਾਤ ਪਾਉਣ ਲਈ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਕੰਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਹਰ ਪੀੜਤ ਨੂੰ ਸਮੇਂ ਸਿਰ ਇਨਸਾਫ ਦੇਣਾ ਤੇ ਕਾਨੂੰਨ ਵਿੱਚ ਲੋਕਾਂ ਦਾ ਭਰੋਸਾ ਕਾਇਮ ਕਰਨਾ ਉਹਨਾਂ ਦੀ ਪਹਿਲਕਦਮੀ ਹੋਵੇਗੀ। ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਸਬੰਧੀ ਪੱਤਰਕਾਰਾਂ ਵੱਲੋਂ ਧਿਆਨ ਦਿਵਾਏ ਜਾਣ ‘ਤੇ ਐਸਐਚਓ ਲਖਵਿੰਦਰ ਸਿੰਘ ਨੇ ਕਿਹਾ ਕਿ ਟਰੈਫਿਕ ਦੀ ਸਮੱਸਿਆ ਲੋਕਾਂ ਦੀ ਜ਼ਿੰਮੇਵਾਰੀ ਨਾਲ ਵੀ ਜੁੜੀ ਹੋਈ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਆਪਣਾ ਵਾਹਨ ਪਾਰਕਿੰਗ ਕਰਦੇ ਸਮੇਂ ਦੂਜੇ ਨਾਗਰਿਕ ਦੀ ਸੁਵਿਧਾ ਦਾ ਧਿਆਨ ਰੱਖਾਂਗੇ ਤਾਂ ਟਰੈਫਿਕ ਦੀ ਸਮੱਸਿਆ ਪੈਦਾ ਹੀ ਨਹੀਂ ਹੁੰਦੀ। ਐਸ ਐਚ ਓ ਲਖਵਿੰਦਰ ਸਿੰਘ ਨੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਗਾਹਕਾਂ ਨੂੰ ਸਮਾਨ ਖਰੀਦਣ ਸਮੇਂ ਆਪਣਾ ਵਾਹਨ ਸਹੀ ਸਥਾਨ ‘ਤੇ ਪਾਰਕਿੰਗ ਕਰਨ ਲਈ ਕਿਹਾ ਜਾਵੇ। ਉਹਨਾਂ ਕਿਹਾ ਕਿ ਸ਼ਹਿਰ ‘ਚ ਚੋਰੀ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸ. ਲਖਵਿੰਦਰ ਸਿੰਘ ਪਹਿਲਾਂ ਵੀ ਥਾਣਾ ਸਿਟੀ-1 ਦੇ ਮੁਖੀ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ।
