ਬਰਨਾਲਾ 25 ਸਤੰਬਰ (ਨਿਰਮਲ ਸਿੰਘ ਪੰਡੋਰੀ)-ਨਗਰ ਕੌਂਸਲ ਦੇ ਸਾਰੇ ਵਾਰਡਾਂ ਵਿਚ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਨ ਲਈ ਇਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਵੀ ਹੈ ਜਿਸ ਉਪਰ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਸ਼ਹਿਰ ਦੇ ਸਾਰੇ 31 ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਸਾਰੇ ਵਾਰਡਾਂ ਵਿਚ ਬਿਨਾਂ ਕਿਸੇ ਭੇਦ ਭਾਵ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਇਹ ਜਾਣਕਾਰੀ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਅਤੇ ਮੀਤ ਪ੍ਰਧਾਨ ਨਰਿੰਦਰ ਨੀਟਾ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਅਗਲੇ 100 ਦਿਨਾਂ ਦਾ ਸਮਾਂ ਵਿਕਾਸ ਕਾਰਜਾਂ ਵਜੋਂ ਮਨਾਇਆ ਜਾਵੇਗਾ ਅਤੇ ਅਤੇ 27 ਸਤੰਬਰ ਨੂੰ 22 ਕਰੋੜ ਰੁਪਏ ਦੇ ਟੈਂਡਰ ਖੋਲ੍ਹੇ ਜਾਣਗੇ,ਜਿਸ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਬਰਨਾਲਾ ਸ਼ਹਿਰ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੇ ਠੇਕੇਦਾਰਾਂ ਨੂੰ ਵੀ ਚੇਤਾਵਨੀ ਭਰੇ ਲਹਿਜੇ ‘ਚ ਕਿਹਾ ਕਿ ਲੇਟ ਕੰਮ ਸ਼ੁਰੂ ਕਰਨ ਵਾਲੇ ਅਤੇ ਕੰਮ ਲਟਕਾਉਣ ਵਾਲੇ ਠੇਕੇਦਾਰ ਨੂੰ ਬਲੈਕ ਲਿਸਟ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਠੇਕੇਦਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੰਮ ‘ਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੈਟੀਰੀਅਲ ਦੀ ਕੁਆਲਿਟੀ ‘ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕੌਂਸਲਰ ਬਲਵੀਰ ਸਿੰਘ, ਅਜੇ ਕੁਮਾਰ, ਹਰਬਖਸੀਸ ਸਿੰਘ ਗੋਨੀ, ਗੁਰਪ੍ਰੀਤ ਸਿੰਘ ਕਾਕਾ, ਜੱਗੂ ਮੋਰ, ਧਰਮਿੰਦਰ ਸਿੰਘ ਸ਼ੰਟੀ, ਅਤੇ ਕਾਂਗਰਸੀ ਆਗੂ ਪਰਮਜੀਤ ਸੂਦ ਪੱਖੋਂ, ਨਰਿੰਦਰ ਸ਼ਰਮਾ, ਜਸਮੇਰ ਸਿੰਘ ਡੇਅਰੀਵਾਲਾ, ਸ਼ੀਤਲ ਸਿੰਘ, ਗੁਰਦਰਸ਼ਨ ਸਿੰਘ ਅਤੇ ਖੁਸ਼ੀ ਮੁਹੰਮਦ ਆਦਿ ਵੀ ਹਾਜ਼ਰ ਸਨ।