-ਬੁਲਾਰਿਆਂ ਨੇ ਕਿਹਾ ਕਿ ਲੋਕਾਂ ਦਾ ਸਬਰ ਨਾ ਪਰਖੇ ਸਰਕਾਰ
ਬਰਨਾਲਾ, 27 ਸਤੰਬਰ (ਨਿਰਮਲ ਸਿੰਘ ਪੰਡੋਰੀ) : ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦੇ ਸੱਦੇ ਦੌਰਾਨ ਸਮੁੱਚੇ ਬਰਨਾਲਾ ਜ਼ਿਲੇ ਵਿੱਚ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਰਹੀ ਅਤੇ ਬਰਨਾਲਾ ,ਧਨੌਲਾ, ਮਹਿਲਕਲਾਂ, ਭਦੌੜ, ਸ਼ਹਿਣਾ, ਤਪਾ, ਦੇ ਬਜ਼ਾਰ ਵੀ ਬੰਦ ਰਹੇ । ਦੱਸਣਯੋਗ ਹੈ ਕਿ 27 ਸਤੰਬਰ 2020 ਨੂੰ ਹੀ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ 3 ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਮਨਜ਼ੂਰੀ ਦਿੱਤੀ ਅਤੇ ਲਾਗੂ ਕੀਤਾ ਸੀ। ਜ਼ਿਲੇ ’ਚ ਵੱਖ-ਵੱਖ ਥਾਂਵਾਂ ’ਤੇ ਬੀਕੇਯੂ ਉਗਰਾਹਾਂ,ਬੀਕੇਯੂ ਡਕੌਂਦਾ,ਬੀਕੇਯੂ ਰਾਜਵੇਲ,ਬੀਕੇਯੂ ਸਿੱਧੂਪੁਰ, ਬੀਕੇਯੂ ਕਾਦੀਆਂ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਇਕੱਠ ਕਰਕੇ ਰੋਡ ਅਤੇ ਰੇਲਵੇ ਟਰੈਕ ਜਾਮ ਕੀਤੇ ਗਏ, ਜਿੱਥੇ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਖੇਤੀ ਵਿਰੋਧੀ ਤਿੰਨ ਕਾਨੂੰਨ ਪਾਸ ਕਰਨ ਦੀ ਨਿਖੇਧੀ ਕਰਦੇ ਹੋਏ ਮੋਦੀ ਸਰਕਾਰ ਨੂੰ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਦੀਆਂ ਮੰਗਾਂ ਅਨੁਸਾਰ ਤੁਰੰਤ ਇਹ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਕਿਸਾਨਾਂ ਮਜ਼ਦੂਰਾਂ ਦਾ ਸਬਰ ਨਾ ਪਰਖੇ ਕਿਉਂਕਿ 10 ਮਹੀਨੇ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕ ਦਿੱਲੀ ਅਤੇ ਪੰਜਾਬ ’ਚ ਵੱਖ-ਵੱਖ ਥਾਂਵਾਂ ’ਤੇ ਲੜੀਵਾਰ ਧਰਨਿਆਂ ਉੱਪਰ ਬੈਠੇ ਹਨ ਪ੍ਰੰਤੂ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਸ਼ਾਜਿਸੀ ਚੁੱਪ ਧਾਰਨ ਕੀਤੀ ਹੋਈ ਹੈ। ਬੁਲਾਰਿਆਂ ਨੇ ਕਿਹਾ ਕਿ ਅੰਦੋਲਨ ਦੌਰਾਨ 600 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ ਪ੍ਰੰਤੂ ਮੋਦੀ ਸਰਕਾਰ ਅਜੇ ਵੀ ਬੇਰਹਿਮੀ ਵਰਤਾਰਾ ਕਰ ਰਹੀ ਹੈ। ਕਿਸਾਨ ਆਗੂਆਂ ਨੇ ਭਾਜਪਾ ਦੇ ਕੁਝ ਆਗੂਆਂ ਦੀ ਕਿਸਾਨਾਂ ਪ੍ਰਤੀ ਮੰਦੀ ਭਾਸ਼ਾ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਭਾਜਪਾ ਜਾਣਬੁੱਝ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਜਦਕਿ ਕਿਸਾਨ ਮਜ਼ਦੂਰ ਸਾਂਤਮਈ ਤਰੀਕੇ ਨਾਲ ਪਿਛਲੇ 10 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵੱਖ ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਕਾਰਪੋਰੇਟ ਘਰਾਣਿਆਂ ਦੇ ਚੁੰਗਲ ਵਿੱਚੋਂ ਨਿਕਲ ਕੇ ਲੋਕਾਂ ਦੀ ਗੱਲ ਸੁਣ ਕੇ ਲੋਕ ਪੱਖੀ ਨੀਤੀਆਂ ਅਤੇ ਕਿਸਾਨਾਂ ਦੀ ਸਲਾਹ ਅਨੁਸਾਰ ਖੇਤੀ ਨੀਤੀ ਤਿਆਰ ਕਰੇ।
