ਬਰਨਾਲਾ, 30 ਅਕਤੂਬਰ (ਨਿਰਮਲ ਸਿੰਘ ਪੰਡੋਰੀ)-
-ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਵੰਡ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਅੱਜ ਨਾਮਜਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ ਸੀ ਜਿਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦੇ ਦਿੱਤੇ ਗਏ ਹਨ। ਇਹਨਾਂ ਚੋਣਾਂ ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਨੂੰ ਉਨਾਂ ਦੇ ਰਜਿਸਟਰਡ ਚੋਣ ਨਿਸ਼ਾਨ ਹੀ ਦਿੱਤੇ ਗਏ ਹਨ ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਨੂੰ “ਬਾਲਟੀ” ਚੋਣ ਨਿਸ਼ਾਨ ਦਿੱਤਾ ਗਿਆ ਹੈ। ਆਪਣੀ ਏਕਤਾ ਪਾਰਟੀ ਦੇ ਉਮੀਦਵਾਰ ਯਾਦਵਿੰਦਰ ਸਿੰਘ ਨੂੰ ਬੱਲਾ (ਬੈਟ) ਚੋਣ ਨਿਸ਼ਾਨ ਮਿਲਿਆ ਹੈ। ਇਸ ਤੋਂ ਇਲਾਵਾ ਚਰਚਿਤ ਉਮੀਦਵਾਰ ਗੁਰਦੀਪ ਸਿੰਘ ਬਾਠ ਨੂੰ “ਟਰੱਕ” ਚੋਣ ਨਿਸ਼ਾਨ ਦਿੱਤਾ ਗਿਆ ਹੈ। ਜਿਕਰਯੋਗ ਹੈ ਕਿ ਗੁਰਦੀਪ ਸਿੰਘ ਬਾਠ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੀ ਟਿਕਟ ਦੇ ਤਕੜੇ ਦਾਅਵੇਦਾਰ ਸਨ ਪਰੰਤੂ ਪਾਰਟੀ ਵੱਲੋਂ ਟਿਕਟ ਹਰਿੰਦਰ ਸਿੰਘ ਧਾਲੀਵਾਲ ਨੂੰ ਦਿੱਤੀ ਗਈ ਹੈ ਜਿਸ ਤੋਂ ਬਾਅਦ ਨਾਰਾਜ਼ ਹੋ ਕੇ ਬਾਗੀ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਪੱਤਰ ਭਰੇ ਸਨ। ਹੁਣ ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਬਾਠ ਚੋਣ ਕਮਿਸ਼ਨ ਵੱਲੋਂ ਮਿਲਿਆ “ਟਰੱਕ” ਲੈ ਕੇ ਵੋਟਰਾਂ ਦੀ ਕਚਹਿਰੀ ਵਿੱਚ ਜਾਵੇਗਾ।