ਬਰਨਾਲਾ, 30 ਸਤੰਬਰ (ਨਿਰਮਲ ਸਿੰਘ ਪੰਡੋਰੀ) : ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੱਕਿਆ ਪਕਾਇਆ (ਡੱਬਾਬੰਦ) ਭੋਜਨ ਦੇਣ ਦੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਹੇਠ ਧਰਨਾ ਦੇ ਕੇ ਸਰਕਾਰ ਨੂੰ ਮੰਗ ਪੱਤਰ ਭੇਜਿਆ। ਇਸ ਸੰਬੰਧੀ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ, ਖਜ਼ਾਨਚੀ ਬਲਜੀਤ ਕੌਰ ਸੇਖਾ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਰ ਸਰਕਾਰ ਨੇ ਆਂਗਣਵਾੜੀ ਦੇ ਬੱਚਿਆਂ ਨੂੰ ਭੋਜਨ ਦੇਣ ਲਈ ਐਨਜੀਓ ਅਤੇ ਠੇਕੇਦਾਰੀ ਸਿਸਟਮ ਸ਼ੁਰੂ ਕੀਤਾ ਹੈ ਜਿਸ ਤਹਿਤ ਬੱਚਿਆਂ ਨੂੰ ਡੱਬਾਬੰਦ ਭੋਜਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਆਂਗਣਵਾੜੀ ਮੁਲਾਜ਼ਮਾਂ ਦੇ ਅਧਿਕਾਰਾਂ ਉੱਪਰ ਡਾਕਾ ਮਾਰਨ ਵਾਲਾ ਹੈ ਜਿਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਇਸ ਫ਼ੈਸਲੇ ਨਾਲ ਬੱਚਿਆਂ ਦੀ ਸਿਹਤ ਨਾਲ ਖ਼ਿਲਵਾੜ ਹੋਵੇਗਾ ਕਿਉਂਕਿ ਪਹਿਲਾਂ ਵੀ ਮਿਡ-ਡੇ- ਮੀਲ ਯੋਜਨਾ ਤਹਿਤ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਜਿਸ ਵਿੱਚ ਅਨੇਕਾਂ ਤਰਾਂ ਦੀਆਂ ਊਣਤਾਈਆਂ ਅਤੇ ਕੁਆਲਿਟੀ ਦੇ ਘਟੀਆ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਸਰਕਾਰ ਨੇ ਪਿਛਲੇ ਤਜ਼ਰਬੇ ਤੋਂ ਸਬਕ ਨਾ ਸਿਖਦੇ ਹੋਏ ਜ਼ੀਰੋ ਤੋਂ ਤਿੰਨ ਸਾਲ ਦੇ ਬੱਚਿਆਂ, ਗਰਭਵਤੀ, ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ ਦਿੱਤੀ ਜਾਣ ਵਾਲੀ ਖੁਰਾਕ ਠੇਕੇਦਾਰਾਂ ਦੇ ਹਵਾਲੇ ਕਰ ਦਿੱਤੀ ਹੈ। ਜਿਸ ਨਾਲ ਲਾਭਪਾਤਰੀਆਂ ਦੀ ਸਿਹਤ ਸੰਭਾਲ ਉੱਤੇ ਮਾੜਾ ਪ੍ਰਭਾਵ ਪਵੇਗਾ। ਆਂਗਣਵਾੜੀ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਪਲੀਮੈਂਟਰੀ ਨਿਊਟ੍ਰੇਸ਼ਨ ਸੰਬਧੀ ਠੇਕੇਦਾਰੀ ਸਿਸਟਮ ਵਾਪਸ ਨਾ ਲਿਆ ਤਾਂ 12 ਅਕਤੂਬਰ ਨੂੰ ਡਾਇਰੈਕਟੋਰੇਟ ਦਾ ਘਿਰਾਓ ਕੀਤਾ ਜਾਵੇਗਾ।