ਬਰਨਾਲਾ, 3 ਅਕਤੂਬਰ (ਨਿਰਮਲ ਸਿੰਘ ਪੰਡੋਰੀ) ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਬਿਹਤਰ ਬੱਸ ਸਰਵਿਸ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਮੁਹਿੰਮ ਜਾਰੀ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਬੱਸ ਪਰਮਿਟ ਦਿੱਤੇ ਜਾਣਗੇ। ਪੀਆਰਟੀਸੀ ਬਰਨਾਲਾ ਡਿਪੂ ਦੇ ਜਨਰਲ ਮੈਨੇਜਰ ਐਮ.ਪੀ. ਸਿੰਘ ਨੇ ਦੱਸਿਆ ਕਿ ਹਾਈਵੇਅ ਅਤੇ ਪੰਜਾਬ ਸਟੇਟ ਰੂਟਾਂ ਲਈ 7 ਅਕਤੂਬਰ ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਜ਼ਰੂਰਤਮੰਦ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉਥੇ ਹੀ ਆਮ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਬੱਸ ਸਟੈਂਡਾਂ ਅਤੇ ਬੱਸਾਂ ਦੀ ਸਾਫ-ਸਫਾਈ ਰੱਖਣ ਸਬੰਧੀ ਵੀ ਆਦੇਸ਼ ਦਿੱਤੇ ਗਏ ਸਨ।