ਬਰਨਾਲਾ, 5 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਆਈਏਐਸ ਵੱਲੋਂ ਅਹੁਦਾ ਸੰਭਾਲਣ ਮਗਰੋਂ ਅੱਜ ਝੋਨੇ ਦੀ ਪਰਾਲੀ ਦੇ ਸੁਚੱਜੇ ਨਿਬੇੜੇ ਬਾਰੇ ਖੇਤੀਬਾੜੀ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਜ਼ਿਲ੍ਹੇ ਵਿਚ ਝੋਨੇ ਅਧੀਨ ਰਕਬੇ ਅਤੇ ਫਸਲੀ ਰਹਿੰਦ-ਖੂੰਹਦ ਦੇ ਵਾਤਾਵਰਣ ਪੱਖੀ ਨਿਬੇੜੇ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਆਖਿਆ ਕਿ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਕਿਸਾਨਾਂ ਦਾ ਪੂਰੀ ਤਰਾਂ ਜਾਗਰੂਕ ਹੋਣਾ ਅਤੇ ਲੋੜੀਂਦੀ ਮਸ਼ੀਨਰੀ ਉਪਲੱਬਧ ਕਰਾਉਣਾ ਬੇਹੱਦ ਜ਼ਰੂਰੀ ਹੈ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਵੱਧ ਤੋਂ ਵੱਧ ਬੇਲਰਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਜਾਂ ਕਿਸਾਨ ਗਰੁੱਪਾਂ ਵੱਲੋਂ ਸਬਸਿਡੀ ’ਤੇ ਜੋ ਮਸ਼ੀਨਰੀ ਲਈ ਗਈ ਹੈ, ਉਹ ਵਰਤੋਂ ਵਿਚ ਆਵੇ, ਨਾ ਕਿ ਖਾਲੀ ਖੜੇ। ਉਨਾਂ ਆਖਿਆ ਕਿ ਜਾਗਰੂਕਤਾ ਗਤੀਵਿਧੀਆਂ ਤਹਿਤ ਆਉਦੇ 10 ਦਿਨਾਂ ਵਿਚ ਵੱਧ ਤੋਂ ਵੱਧ ਵੱਡੇ ਕੈਂਪ ਲਾਏ ਜਾਣ ਅਤੇ ਅਗਾਂਹਵਧੂ ਕਿਸਾਨਾਂ ਦੀ ਕੈਂਪਾਂ ਵਿਚ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਦੂਜੇ ਕਿਸਾਨਾਂ ਲਈ ਪ੍ਰੇਰਨਾਸ੍ਰੋਤ ਬਣ ਸਕਣ ਅਤੇ ਆਪਣੇ ਤਜਰਬੇ ਸਾਂਝੇ ਕਰ ਸਕਣ। ਇਸ ਮੌਕੇ ਉਨਾਂ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ ਜਾਵੇਗਾ ਤਾਂ ਜੋ ਉਨਾਂ ਦੀ ਹੌਸਲਾ ਅਫਜ਼ਾਈ ਹੋਵੇ। ਉਨਾਂ ਆਖਿਆ ਕਿ ਇਸ ਮੁਹਿੰਮ ਦੀ ਕਾਮਯਾਬੀ ਲਈ ਸਾਰੀਆਂ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ ਹੈ ਅਤੇ ਸਾਂਝੇ ਹੰਭਲੇ ਨਾਲ ਵਾਤਾਵਰਣ ਸੰਭਾਲ ਨੂੰ ਹੁਲਾਰਾ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ (ਜਨਰਲ ਅਤੇ ਸ਼ਿਕਾਇਤਾਂ) ਸ੍ਰੀ ਦੇਵਦਰਸ਼ਦੀਪ ਸਿੰਘ, ਡੀਐਸਪੀ ਰਛਪਾਲ ਸਿੰਘ, ਏਡੀਓ ਗੁਰਚਰਨ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।