ਅਣ ਅਧਿਕਾਰਤ ਵਿਅਕਤੀਆਂ ਵੱਲੋਂ ਚੈਕਿੰਗ ਚਿੰਤਾਜਨਕ ਵਰਤਾਰਾ- ਡੀਟੀਐਫ
ਚੰਡੀਗੜ੍ਹ,19 ਫਰਵਰੀ, Gee98 news service
-ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸਾਬਕਾ ਵਿਧਾਇਕ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਸਕੂਲਾਂ ਦੇ ਕੀਤੇ ਜਾ ਰਹੇ ਨਿਰੀਖਣ ਦਾ ਮੁੱਦਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸੂਬੇ ਦੇ ਸਿੱਖਿਆ ਵਿਭਾਗ ਦੇ ਨਿਯਮਾਂ ਦੇ ਬਿਲਕੁਲ ਉਲਟ ਕਿਸੇ ਅਣ ਅਧਿਕਾਰਤ ਵਿਅਕਤੀ ਵੱਲੋਂ ਸਕੂਲਾਂ ਦੀ ਕੀਤੀ ਜਾ ਰਹੀ ਚੈਕਿੰਗ,ਅਧਿਆਪਕਾਂ ਨੂੰ ਕੀਤੇ ਜਾ ਰਹੇ ਸਵਾਲ ਜਵਾਬ ਅਤੇ ਦਿੱਤੇ ਜਾ ਰਹੇ ਨਿਰਦੇਸ਼ਾਂ ਦੇ ਕਾਰਨ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦੇ ਹੋਏ ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਕਿਹਾ ਕਿ ਅਣ ਅਧਿਕਾਰਿਤ ਵਿਅਕਤੀਆਂ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੀਤੇ ਜਾ ਰਹੇ ਦੌਰੇ ਚਿੰਤਾਜਨਕ ਵਰਤਾਰਾ ਹਨ। ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਲੰਘੇ ਕੁੱਝ ਦਿਨਾਂ ਤੋਂ ਸਾਹਿਬਜਾਦਾ ਅਜੀਤ ਸਿੰਘ ਨਗਰ (ਮੋਹਾਲੀ), ਗੁਰਦਾਸਪੁਰ ਅਤੇ ਤਰਨਤਾਰਨ ਜਿਲ੍ਹਿਆਂ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਪਾਈ ਜਾ ਰਹੀਆਂ ਫੇਰੀਆਂ ਦੀ ਆੜ ਵਿੱਚ ਦਿੱਲੀ ਦੇ ਸਿਆਸਤਦਾਨ ਮਨੀਸ਼ ਸਿਸੋਦੀਆ ਅਤੇ ਉਨ੍ਹਾਂ ਦੀ ਬਾਕੀ ਟੀਮ ਵੱਲੋਂ ਚੈਕਿੰਗ ਕਰਨ ਦੇ ਨਾਲ ਨਾਲ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਦਿੱਲੀ ਵਿੱਚ ਲੋਕਾਂ ਵੱਲੋਂ ਸਿਆਸੀ ਤੌਰ ‘ਤੇ ਨਕਾਰੇ ਜਾ ਚੁੱਕੇ ਸਿੱਖਿਆ ਮਾਡਲ ਨੂੰ ਹੀ ਪੰਜਾਬ ਵਿੱਚ ਇੰਨ ਬਿੰਨ ਲਾਗੂ ਕਰਨ ‘ਤੇ ਜੋਰ ਦਿੱਤਾ ਜਾ ਰਿਹਾ ਹੈ ਅਤੇ ਅਜਿਹਾ ਕਰਦੇ ਹੋਏ ਪੰਜਾਬ ਦੇ ਸਿਆਸਤਦਾਨਾਂ ਨੂੰ ਦਿੱਲੀ ਵਾਲਿਆਂ ਦੇ ਜੂਨੀਅਰ ਪਾਰਟਨਰ ਵਜੋਂ ਦਿਖਾ ਕਿ ਪੰਜਾਬ ਨੂੰ ਸਿਆਸੀ ਤੌਰ ‘ਤੇ ਠਿੱਠ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਮੁੱਚੇ ਸਕੂਲੀ ਸਿੱਖਿਆ ਤੰਤਰ ਨੂੰ ਸਿੱਖਿਆ ਸ਼ਾਸਤਰੀਆਂ ਅਤੇ ਵਿੱਦਿਅਕ ਮਨੋਵਿਗਿਆਨ ਅਨੁਸਾਰ ਚਲਾਉਣ ਦੀ ਥਾਂ, ਡਾਇਰੈਕਟਰ ਪੱਧਰ ਦੇ ਸਾਰੇ ਅਹੁਦੇ ਨੌਕਰਸ਼ਾਹੀ ਦੇ ਹਵਾਲੇ ਕਰਕੇ ਸੂਬੇ ਦੀ ਸਿੱਖਿਆ ਦੇ ਜੜ੍ਹੀ ਤੇਲ ਪਾ ਦਿੱਤਾ ਗਿਆ ਹੈ। ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਬੇਅੰਤ ਸਿੰਘ ਫੁੱਲੇਵਾਲ, ਹਰਜਿੰਦਰ ਵਡਾਲਾ ਬਾਂਗਰ ਅਤੇ ਰਘਵੀਰ ਭਵਾਨੀਗੜ੍ਹ ਨੇ ਪੰਜਾਬ ਸਰਕਾਰ ਵੱਲੋਂ ਸਥਾਨਕ ਹਾਲਾਤਾਂ ਅਨੁਸਾਰ ਆਪਣੀ ਸਿੱਖਿਆ ਨੀਤੀ ਘੜਨ ਦੀ ਥਾਂ ‘ਦਿੱਲੀ ਮਾਡਲ’ ਦਾ ਹੀ ਪਿਛਲੱਗ ਬਣਨ ਨੂੰ ਮੰਦਭਾਗਾ ਦੱਸਦਿਆਂ 23 ਮਈ ਨੂੰ ਮੋਗਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਦੇ ਸਿੱਖਿਆ ਸਰੋਕਾਰਾਂ ਨੂੰ ਲੈ ਕੇ ਪ੍ਰੋਗਰਾਮ ਉਲੀਕਣ ਦਾ ਐਲਾਨ ਕੀਤਾ ਹੈ।