ਬਰਨਾਲਾ, 8 ਅਕਤੂਬਰ (ਨਿਰਮਲ ਸਿੰਘ ਪੰਡੋਰੀ) : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਜ਼ਿਲੇ ਵਿੱਚ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਤਹਿਸੀਲ ਤਪਾ ਦੇ ਪਿੰਡ ਤਾਜੋਕੇ, ਪੱਖੋ ਕਲਾਂ, ਰੂੜੇਕੇ ਖੁਰਦ, ਭੈਣੀ ਫੱਤਾ, ਧੂਰਕੋਟ, ਪੰਧੇਰ ਤੇ ਕੋਟਦੁੱਨਾ ਦੇ ਖੇਤਾਂ ਦਾ ਦੌਰਾ ਕੀਤਾ ਅਤੇ ਨਰਮੇ ਦੀ ਫ਼ਸਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਦੱਸਿਆ ਕਿ ਜ਼ਿਲੇ ਭਰ ਦੇ ਪਿੰਡਾਂ ਵਿਚ ਨਰਮੇ ਦੀ ਫ਼ਸਲ ਦੇ ਜਾਇਜ਼ੇ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ, ਜਿਸ ਮਗਰੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜ਼ਿਲੇ ਵਿੱਚ ਲਗਭਗ 1610 ਹੈਕਟੇਅਰ ਰਕਬੇ ਵਿਚ ਨਰਮੇ ਦੀ ਬਿਜਾਈ ਹੋਈ ਹੈ ਅਤੇ ਵੱਖ-ਵੱਖ ਪਿੰਡਾਂ ਵਿਚ ਗੁਲਾਬੀ ਸੁੰਡੀ ਕਾਰਨ ਹੋਏ ਨੁਕਸਾਨ ਬਾਰੇ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਏਡੀਓ ਸਤਨਾਮ ਸਿੰਘ, ਜਸਵਿੰਦਰ ਸਿੰਘ, ਅੰਮਿ੍ਰਤਪਾਲ ਸਿੰਘ, ਸਬ ਇੰਸਪੈਕਟਰ ਸੁਨੀਲ ਕੁਮਾਰ, ਮੱਖਣ ਲਾਲ ਤੇ ਹੋਰ ਅਧਿਕਾਰੀ ਮੌਜੂਦ ਸਨ।
–ਬੌਕਸ ਆਈਟਮ
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਪਿੰਡ ਨੰਗਲ ਦਾ ਵੀ ਦੌਰਾ ਕੀਤਾ। ਇਸ ਮੌਕੇ ਉਨਾਂ ਪਟਵਾਰ ਭਵਨ ਅਤੇ ਹੋਰ ਜਨਤਕ ਥਾਵਾਂ ਦਾ ਦੌਰਾ ਕੀਤਾ ਅਤੇ ਗਲੀਆਂ ਤੇ ਮਗਨਰੇਗਾ ਤਹਿਤ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮਗਨਰੇਗਾ ਤਹਿਤ ਵਿਕਾਸ ਕਾਰਜ ਤੇਜ਼ੀ ਨਾਲ ਕਰਾਉਣ ਦੀ ਹਦਾਇਤ ਕੀਤੀ। ਇਸ ਮੌਕੇ ਬੀਡੀਪੀਓ ਸੁਖਦੀਪ ਸਿੰਘ, ਪਟਵਾਰੀ ਰਾਜੇਸ਼ ਭੁਟਾਨੀ, ਸਰਪੰਚ ਦਰਸ਼ਨ ਸਿੰਘ ਤੇ ਹੋਰ ਹਾਜ਼ਰ ਸਨ।