ਚੰਡੀਗੜ੍ਹ,12 ਮਾਰਚ, Gee98 News service
-ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਦੀ ਮੈਂਬਰੀ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਲੋਕ ਸਭਾ ਦੀ ਮੈਂਬਰੀ ‘ਤੇ ਤਲਵਾਰ ਲਟਕ ਰਹੀ ਸੀ ਕਿਉਂਕਿ ਅੰਮ੍ਰਿਤਪਾਲ ਸਿੰਘ ਲਗਾਤਾਰ ਲੋਕ ਸਭਾ ਸੈਸ਼ਨ ਵਿੱਚੋ ਗੈਰ ਹਾਜ਼ਰ ਹਨ, ਜਿਸ ਕਰਕੇ ਉਹਨਾਂ ਦੀ ਲੋਕ ਸਭਾ ਮੈਂਬਰੀ ਖ਼ਤਮ ਹੋਣ ਦੀ ਪ੍ਰਕਿਰਿਆ ਵਿੱਚ ਆ ਗਈ ਸੀ। ਇਸ ਸਬੰਧੀ ਇੱਕ ਪਟੀਸ਼ਨ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿੱਚ ਦਾਇਰ ਕੀਤੀ ਸੀ ਜਿਸ ਦੀ ਸੁਣਵਾਈ ਦੌਰਾਨ ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਗਈ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਅੱਗੇ ਇਸ ਸਬੰਧੀ ਭਾਰਤ ਦੇ ਵਧੀਕ ਸੌਲਿਸਟਰ-ਜਨਰਲ ਸੱਤਿਆ ਪਾਲ ਜੈਨ ਨੇ ਵਕੀਲ ਧੀਰਜ ਜੈਨ ਨਾਲ ਲੋਕ ਸਭਾ ਸਕੱਤਰੇਤ ਵੱਲੋਂ 11 ਮਾਰਚ ਨੂੰ ਜਾਰੀ ਕੀਤਾ ਗਿਆ ਪੱਤਰ ਬੈਂਚ ਦੇ ਸਾਹਮਣੇ ਰੱਖਿਆ। ਨਿਯਮਾਂ ਅਨੁਸਾਰ ਜੇਕਰ ਕੋਈ ਲੋਕ ਸਭਾ ਮੈਂਬਰ ਲਗਾਤਾਰ 60 ਦਿਨ ਲੋਕ ਸਭਾ ਦੀ ਕਾਰਵਾਈ ਤੋਂ ਗ਼ੈਰ ਹਾਜ਼ਰ ਰਹਿੰਦਾ ਹੈ ਤਾਂ ਉਸ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਜੇਕਰ ਲੋਕ ਸਭਾ ਸਕੱਤਰੇਤ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਛੁੱਟੀ ਮਨਜ਼ੂਰ ਨੇ ਕੀਤੀ ਜਾਂਦੀ ਤਾਂ ਭਾਈ ਅੰਮ੍ਰਿਤਪਾਲ ਸਿੰਘ ਇਸ ਪ੍ਰਕਿਰਿਆ ਤਹਿਤ ਆ ਸਕਦੇ ਸਨ, ਜਿਸ ਤੋਂ ਬਾਅਦ ਉਹਨਾਂ ਦੇ ਮੈਂਬਰਸ਼ਿਪ ਖਤਮ ਵੀ ਹੋ ਸਕਦੀ ਸੀ ਪ੍ਰੰਤੂ ਹੁਣ ਗ਼ੈਰ ਹਾਜ਼ਰੀ ਦਿਨਾਂ ਦੀ ਛੁੱਟੀ ਮਨਜ਼ੂਰ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਖਤਮ ਨਹੀਂ ਹੋਵੇਗੀ।