ਚੰਡੀਗੜ੍ਹ,22 ਮਾਰਚ, Gee98 News service
-ਫੌਜ ਦੇ ਇੱਕ ਕਰਨਲ ਦੀ ਪਿਛਲੇ ਦਿਨੀਂ ਪਟਿਆਲਾ ਦੇ ਕੁਝ ਮੁਲਾਜ਼ਮਾਂ ਵੱਲੋਂ ਕੀਤੀ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਦੀ ਢਿੱਲੀ ਕਾਰਵਾਈ ਦੇ ਖ਼ਿਲਾਫ਼ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਰੀਤੂ ਬਾਠ ਨੇ ਸਾਬਕਾ ਸੈਨਿਕ ਜਥੇਬੰਦੀਆਂ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਕੁਝ ਦਿਨ ਪਹਿਲਾਂ ਕਰਨਲ ਬਾਠ ਦੀ ਪਤਨੀ ਨੇ ਕਿਹਾ ਸੀ ਕਿ ਜੇਕਰ ਉਹਨਾਂ ਨੂੰ ਪੂਰਾ ਇਨਸਾਫ਼ ਨਾ ਮਿਲਿਆ ਤਾਂ ਉਹ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾਉਣਗੇ, ਅੱਜ ਵੱਡੀ ਗਿਣਤੀ ਵਿੱਚ ਸਾਬਕਾ ਫੌਜੀਆਂ ਨੇ ਕਰਨਲ ਬਾਠ ਦੇ ਨਾਲ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਕੁੱਟਮਾਰ ਅਤੇ ਬਦਸਲੂਕੀ ਦੇ ਰੋਸ ਵਜੋਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਜਿਸ ਤੋਂ ਬਾਅਦ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਇਸ ਮੌਕੇ ਪੁਲਿਸ ਵੱਲੋਂ ਕੁੱਟਮਾਰ ਸਬੰਧੀ ਢਿੱਲੀ ਕਾਰਵਾਈ ਦੇ ਦੋਸ਼ ਲਗਾਉਂਦੇ ਹੋਏ ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ “ਉਹ ਇੱਕ ਫੌਜੀ ਦੀ ਪਤਨੀ ਹੈ, ਕਦੇ ਪਿੱਛੇ ਨਹੀਂ ਹਟੇਗੀ”। ਕਰਨਲ ਬਾਠ ਦੀ ਪਤਨੀ ਨੇ ਦੋਸ਼ ਲਗਾਇਆ ਕਿ ਪਟਿਆਲਾ ਦਾ ਐਸਐਸਪੀ ਅਜੇ ਵੀ ਆਪਣੇ ਮੁਲਾਜ਼ਮਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਇਸ ਮੌਕੇ ਸਾਬਕਾ ਸੈਨਿਕਾਂ ਦੇ ਭਰਵੇਂ ਇਕੱਠ ਨੇ ਐਸਐਸਪੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਐਸਐਸਪੀ ਦੇ ਤਬਾਦਲੇ ਦੀ ਮੰਗ ਵੀ ਕੀਤੀ। ਕਰਨਲ ਬਾਠ ਦੀ ਪਤਨੀ ਨੇ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਵਾਉਣ ਲਈ ਗਵਰਨਰ ਕੋਲ ਜਾਣਾ ਪਿਆ ਹੈ, ਜਿਸ ਤੋਂ ਇਸ ਮਾਮਲੇ ‘ਚ ਪੁਲਿਸ ਦੀ ਕਾਰਗੁਜ਼ਾਰੀ ਸਪੱਸ਼ਟ ਹੋ ਜਾਂਦੀ ਹੈ। ਵੱਡੀ ਗਿਣਤੀ ਵਿੱਚ ਸਾਬਕਾ ਸੈਨਿਕਾਂ ਨੂੰ ਨਾਲ ਲੈ ਕੇ ਇੱਕ ਕਰਨਲ ਦੀ ਪਤਨੀ ਦਾ ਡੀਸੀ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਖ਼ਿਲਾਫ਼ ਧਰਨੇ ‘ਤੇ ਬੈਠਣ ਆਪਣੇ ਆਪ ਵਿੱਚ ਵੱਡੇ ਸਵਾਲ ਖੜੇ ਕਰਦਾ ਹੈ ਕਿ ਜੇਕਰ ਫੌਜ ਦੇ ਇੱਕ ਕਰਨਲ ਨੂੰ ਇਨਸਾਫ਼ ਲੈਣ ਲਈ ਧਰਨੇ ਲਗਾਉਣੇ ਪੈ ਰਹੇ ਹਨ ਤਾਂ ਆਮ ਲੋਕਾਂ ਨੂੰ ਇਨਸਾਫ਼ ਕਿੱਥੋਂ ਅਤੇ ਕਿਵੇਂ ਮਿਲਦਾ ਹੋਵੇਗਾ। ਬਹਰਹਾਲ ! ਇਹ ਮਾਮਲਾ ਪੰਜਾਬ ਦੀ ਆਪ ਸਰਕਾਰ ਦੀ ਗਲੀ ਦੀ ਹੱਡੀ ਬਣਦਾ ਜਾ ਰਿਹਾ ਹੈ ਕਿਉਂਕਿ ਇਸ ਮੁੱਦੇ ‘ਤੇ ਪੰਜਾਬ ਦੇ ਸਾਰੇ ਸਾਬਕਾ ਸੈਨਿਕ ਇਕੱਠੇ ਹੋ ਰਹੇ ਹਨ।