ਡੈਮ ਦੇ ਇੱਕ ਅਧਿਕਾਰੀ ਨੇ ਜਬਰਦਸਤੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੀ ਕੀਤੀ ਸੀ ਕੋਸ਼ਿਸ਼
ਚੰਡੀਗੜ੍ਹ,8 ਮਈ, Gee98 News service
-ਪੰਜਾਬ ਦੇ ਨੰਗਲ ਡੈਮ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਨੰਗਲ ਡੈਮ ‘ਤੇ ਪੁੱਜੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬੰਦੀ ਬਣਾ ਲਿਆ ਹੈ। ਇਸ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਐਡਵੋਕੇਟ ਜਨਰਲ ਮਨਜਿੰਦਰਜੀਤ ਸਿੰਘ ਬੇਦੀ ਦੇ ਨਾਲ ਨੰਗਲ ਡੈਮ ‘ਤੇ ਪਹੁੰਚ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਇੱਕ ਅਧਿਕਾਰੀ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ, ਜਿਸ ਤੋਂ ਬਾਅਦ ਅੱਜ ਪੰਜਾਬ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੀ ਨੰਗਲ ਡੈਮ ਪਹੁੰਚੇ ਪਰੰਤੂ ਉਹਨਾਂ ਨੂੰ ਡੈਮ ‘ਤੇ ਨਹੀਂ ਜਾਣ ਦਿੱਤਾ ਗਿਆ ਜਿਸ ਤੋਂ ਬਾਅਦ ਉਹ ਸਤਲੁਜ ਭਵਨ ਵਿੱਚ ਗਏ, ਜਿੱਥੇ ਮੁੱਖ ਗੇਟ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ ਪੁੱਜੇ ਤੇ ਉਹਨਾਂ ਨੇ ਮੁੱਖ ਗੇਟ ਨੂੰ ਜਿੰਦਰਾ ਲਗਾ ਦਿੱਤਾ। ਦੱਸ ਦੇਈਏ ਕਿ ਬੀਤੇ ਕੱਲ੍ਹ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਕੰਮਕਾਜ ਵਿੱਚ ਦਖਲ ਨਹੀਂ ਦੇ ਸਕਦੀ। ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਡੈਮ ਦੀ ਸੁਰੱਖਿਆ ਤਾਂ ਕਰ ਸਕਦੀ ਹੈ ਪ੍ਰੰਤੂ ਡੈਮ ਦੇ ਸੰਚਾਲਨ ਪ੍ਰਕਿਰਿਆ ਵਿੱਚ ਕੋਈ ਦਖਲ ਅੰਦਾਜ਼ੀ ਨਹੀਂ ਕਰ ਸਕਦੀ। ਦੂਜੇ ਪਾਸੇ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਵਿਵਾਦ ਸਬੰਧੀ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਅੱਜ ਨੰਗਲ ਡੈਮ ‘ਤੇ ਪੈਦਾ ਹੋਏ ਹਾਲਾਤਾਂ ਦੇ ਮੱਦੇ ਨਜ਼ਰ ਪੰਜਾਬ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਚ ਸ਼ਬਦੀ ਜੰਗ ਫੇਰ ਸ਼ੁਰੂ ਹੋ ਗਈ ਹੈ। ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੱਲ੍ਹ ਹੀ ਸੁਪਰੀਮ ਕੋਰਟ ਵਿੱਚ ਜਾਣਾ ਚਾਹੀਦਾ ਸੀ। ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸੁਰਖੀਆਂ ਬਟੋਰਨ ਦਾ ਇੰਤਜ਼ਾਰ ਨਹੀਂ ਕਰਨਾ ਚਾਹੀਦਾ ਸੀ। ਉਹਨਾਂ ਕਿਹਾ ਕਿ ਮੀਡੀਆ ਰਾਹੀਂ ਬਿਆਨ ਦੇ ਕੇ ਪੰਜਾਬ ਦੇ ਪਾਣੀ ਦੀ ਰੱਖਿਆ ਨਹੀਂ ਕੀਤੀ ਜਾ ਸਕਦੀ। ਰਾਜਾ ਵੜਿੰਗ ਨੇ ਕਿਹਾ ਕਿ ਕਾਨੂੰਨੀ ਦੇਰੀ, ਖਰਾਬ ਯੋਜਨਾ ਅਤੇ ਲਾਪਰਵਾਹੀ ਨੇ ਪੰਜਾਬ ਦੇ ਹਿੱਤਾਂ ‘ਤੇ ਚੋਟ ਮਾਰੀ ਹੈ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿਖਾਵੇ ਲਈ ਬੀਬੀਐਮਬੀ ਦੇ ਕੋਲ ਜਾਂਦੇ ਹਨ ਪਰੰਤੂ ਕਾਨੂੰਨੀ ਦਾਅ ਪੇਚਾਂ ਵਾਲੇ ਪਾਸੇ ਨਹੀਂ ਜਾ ਰਹੇ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਅਧਿਕਾਰਾਂ ਲਈ ਲੜਨ ਤੋਂ ਡਰਦੇ ਹਨ ਸਿਰਫ ਨਾਟਕ ਕਰ ਰਹੇ ਹਨ। ਦੂਜੇ ਪਾਸੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਡੈਮ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਦੀ ਸਹਿਮਤੀ ਤੋਂ ਬਿਨਾਂ ਪਾਣੀ ਛੱਡਣ ਦੇ ਯਤਨ ਨੂੰ ਸਫਲਤਾ ਪੂਰਵਕ ਰੋਕ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਸੰਬੰਧੀ ਕੋਈ ਸੌਦੇਬਾਜ਼ੀ ਮਨਜ਼ੂਰ ਨਹੀਂ ਹੈ। ਬਹਰਹਾਲ! ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀ ਦੇ ਵਿਵਾਦ ਦੇ ਹਾਲਾਤ ਤਣਾਅਪੂਰਵਕ ਬਣੇ ਹੋਏ ਹਨ।