ਬਰਨਾਲਾ, 08 ਨਵੰਬਰ (ਨਿਰਮਲ ਸਿੰਘ ਪੰਡੋਰੀ) : ਜ਼ਿਲ੍ਹਾ ਜੇਲ੍ਹ ਬਰਨਾਲਾ ਵਿੱਚ ਇੱਕ ਕੈਦੀ ਦੀ ਪਿੱਠ ’ਤੇ ਗਰਮ ਤਾਰ ਨਾਲ ਅੱਤਵਾਦੀ ਸ਼ਬਦ ਲਿਖੇ ਜਾਣ ਦੇ ਰੋਸ ਵਜੋਂ ਅਤੇ ਨਿਰਪੱਖ ਜਾਂਚ ਦੀ ਮੰਗ ਲਈ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਜਾਬੀ ਕਿਰਤੀ ਮਜ਼ਦੂਰ ਯੂਨੀਅਨ ਵੱਲੋਂ ਜੇਲ੍ਹ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਪੰਜਾਬੀ ਕਿਰਤੀ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਭਦੌੜ ਤੇ ਸ਼੍ਰੋਮਣੀ ਅਕਾਲੀ (ਅ) ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਜਦੋਂ ਤੱਕ ਜੇਲ੍ਹ ਸੁਪਰਡੈਟ ਅਤੇ ਕੈਦੀ ਕਰਮਜੀਤ ਸਿੰਘ ਉੱਪਰ ਤਸ਼ੱਦਦ ਕਰਨ ਵਾਲੇ ਹੋਰ ਮੁਲਾਜ਼ਮ ਬਰਨਾਲਾ ਜੇਲ੍ਹ ਵਿੱਚ ਤਾਇਨਾਤ ਹਨ ਉਦੋਂ ਤੱਕ ਨਿਰਪੱਖ ਜਾਂਚ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨਾਂ ਮੰਗ ਕੀਤੀ ਕਿ ਦੋਸ਼ੀ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਜਾਂਚ ਕਰਵਾਈ ਜਾਵੇ। ਇਸ ਮੌਕੇ ਬਰਨਾਲਾ ਦੇ ਨਾਇਬ ਤਹਿਸੀਲਦਾਰ ਸੰਦੀਪ ਸਿੰਘ ਨੇ ਮੌਕੇ ’ਤੇ ਪੁੱਜ ਕੇ ਧਰਨਾਕਾਰੀਆਂ ਤੋਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਲਿਆ। ਉਕਤ ਮਾਮਲੇ ’ਚ ਐਕਸ਼ਨ ਪਲਾਨ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਓਕਾਰ ਸਿੰਘ ਬਰਾੜ , ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਪੰਜਾਬੀ ਕਿਰਤੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਭਦੌੜ, ਗੁਰਤੇਜ ਸਿੰਘ ਅਸਪਾਲ ਅਤੇ ਗੁਰਸੇਵਕ ਸਿੰਘ ਧੂਰਕੋਟ ਨੂੰ ਸ਼ਾਮਲ ਕੀਤਾ ਗਿਆ। ਉਕਤ ਆਗੂਆਂ ਨੇ ਕਿਹਾ ਕਿ ਜੇਕਰ ਸਾਡੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਐਕਸ਼ਨ ਕਮੇਟੀ ਵੱਲੋਂ ਹੋਰ ਇਨਸਾਫਪਸੰਦ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।