ਬਰਨਾਲਾ, 11 ਨਵੰਬਰ (ਨਿਰਮਲ ਸਿੰਘ ਪੰਡੋਰੀ) : ਕੇਂਦਰ ਸਰਕਾਰ ਦੇ ਮਨੁੱਖੀ ਸ੍ਰੋਤ ਵਿਕਾਸ ਮੰਤਰਾਲੇ ਲਈ ਕੇਂਦਰੀ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਇਆ ਜਾਣ ਵਾਲਾ ਨੈਸ਼ਨਲ ਅਚੀਵਮੈਂਟ ਸਰਵੇਖਣ ਜ਼ਿਲ੍ਹੇ ਦੇ ਸਕੂਲਾਂ ‘ਚ ਅੱਜ 12 ਨਵੰਬਰ ਨੂੰ ਹੋਵੇਗਾ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਕੁਲਵਿੰਦਰ ਸਿੰਘ ਸਰਾਏ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਇਸ ਸਰਵੇਖਣ ਵਿੱਚੋਂ ਸੂਬੇ ਨੂੰ ਦੇਸ਼ ਭਰ ‘ਚੋਂ ਮੋਹਰੀ ਬਣਾਉਣ ਲਈ ਸਕੂਲ ਮੁਖੀਆਂ,ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ।
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਜ਼ਿਲ੍ਹੇ 'ਚ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਵੇਖਣ ਲਈ ਚੁਣੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਹੋਰ ਸਕੂਲਾਂ 'ਚ ਅੱਜ ਕਰਵਾਏ ਜਾ ਰਹੇ ਸਰਵੇਖਣ ਲਈ ਵਿਭਾਗੀ ਹਦਾਇਤਾਂ ਅਨੁਸਾਰ ਸਰਵੇ ਟੀਮਾਂ ਵਜੋਂ ਅਬਜ਼ਰਵਰਾਂ ਅਤੇ ਇਨਵੈਸਟੀਗੇਟਰਾਂ ਸਮੇਤ ਬਾਕੀ ਅਮਲੇ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਸਕੂਲ ਮੁਖੀ ਅਤੇ ਸਰਵੇ ਟੀਮਾਂ ਆਪਸੀ ਤਾਲਮੇਲ ਨਾਲ ਸਰਵੇਖਣ ਦੀ ਪ੍ਰਕਿਰਿਆ ਮੁਕੰਮਲ ਕਰਨਗੇ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਕੂਲ ਮੁਖੀ ਅਤੇ ਸਰਵੇ ਟੀਮਾਂ ਸਰਵੇਖਣ ਦੌਰਾਨ ਕੋਵਿਡ ਹਦਾਇਤਾਂ ਦੀ ਪਾਲਣਾ ਅਤੇ ਪਾਰਦਰਸ਼ੀ ਤਰੀਕੇ ਨਾਲ ਸਰਵੇਖਣ ਮੁਕੰਮਲ ਕਰਵਾਉਣ ਦੀ ਜਿੰਮੇਵਾਰੀ ਨਿਭਾਉਣਗੇ। ਸਿੱਖਿਆ ਅਧਿਕਾਰੀਆਂ ਨੇ ਅੱਗੇ ਕਿਹਾ ਕਿ ਅੱਜ ਦੇ ਸਰਵੇਖਣ ਦੌਰਾਨ ਵਿਦਿਆਰਥੀਆਂ ਅਤੇ ਡਿਊਟੀ ਅਮਲੇ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਸਰਵੇਖਣ ਲਈ ਜ਼ਿਲ੍ਹੇ ਦੇ ਸਕੂਲ ਮੁਖੀਆਂ,ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਸਖਤ ਮਿਹਨਤ ਦੀ ਬਦੌਲਤ ਜ਼ਿਲ੍ਹੇ ਦਾ ਪ੍ਰਦਰਸ਼ਨ ਸੂਬੇ ਭਰ ਵਿੱਚੋਂ ਮੋਹਰੀ ਰਹੇਗਾ। ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਅੱਜ ਦੇ ਸਰਵੇਖਣ ਦੌਰਾਨ ਸਮੂਹ ਪੜ੍ਹੋ ਪੰਜਾਬ ਟੀਮ ਮੈਂਬਰ ਸਰਵੇ ਦੇ ਸੁਚੱਜੇ ਸੰਚਾਲਨ ਲਈ ਵਿਭਾਗੀ ਹਦਾਇਤਾਂ ਅਨੁਸਾਰ ਸੰਬੰਧਿਤ ਸਕੂਲਾਂ ਦੀ ਵਿਜਟ ਕਰਨਗੇ।