ਬਰਨਾਲਾ, 12 ਨਵੰਬਰ (ਨਿਰਮਲ ਸਿੰਘ ਪੰਡੋਰੀ) : ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸਨਰ ਬਰਨਾਲਾ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਉਪਰਾਲੇ ਜਾਰੀ ਹਨ। ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਨਾਂ ਉਪਰਾਲਿਆਂ ਸਦਕਾ ਗਰਭਵਤੀ ਔਰਤਾਂ ਦਾ ਚੈੱਕਅਪ ਕਰਨ ਵਿੱਚ ਆਬਾਦੀ ਪੱਖੋਂ ਛੋਟਾ ਜ਼ਿਲ੍ਹਾ ਬਰਨਾਲਾ ਪੰਜਾਬ ’ਚੋਂ ਤੀਜੇ ਸਥਾਨ (ਅੰਮਿ੍ਰਤਸਰ ਪਹਿਲੇ, ਜਲੰਧਰ ਦੂਜੇ ਸਥਾਨ) ’ਤੇ ਰਿਹਾ ਹੈ। ਜ਼ੱਚਾ ਬੱਚਾ ਦੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵੱਲੋਂ ਲਾਏ ਵਿਸ਼ੇਸ਼ ਕੈਂਪਾਂ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫਸਰਾਂ ਅਤੇ ਸਿਹਤ ਕਰਮਚਾਰੀਆਂ ਵੱਲੋਂ ਜ਼ਿਲਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਅਕਤੂਬਰ ਮਹੀਨੇ ਦੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੌਰਾਨ 612 ਗਰਭਵਤੀ ਔਰਤਾਂ ਦੀ ਜਾਂਚ, ਟੈਸਟ, ਮੁਫਤ ਦਵਾਈਆਂ ਤੇ ਗਰਭਵਤੀ ਔਰਤਾਂ ਦਾ ਕੋਰੋਨਾ ਵਿਰੁੱਧ ਟੀਕਾਕਰਨ ਕੀਤਾ ਗਿਆ। ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ 8, 9 ਤੇ 10 ਅਕਤੂਬਰ ਨੂੰ ਵਿਸ਼ੇਸ਼ ਕੈਂਪਾਂ ਦੁਆਰਾ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸੰਪੂਰਨ ਦੇਖਭਾਲ ਤੇ ਸਿਹਤ ਵਿਭਾਗ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਪੋਸ਼ਟਿਕ ਭੋਜਨ ਖਾਣ ਅਤੇ ਮਾਹਿਰ ਡਾਕਟਰਾਂ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸਿਵਲ ਸਰਜਨ ਦਫਤਰ ਦੇ ਸਮੂਹ ਪ੍ਰੋਗਰਾਮ ਅਫਸਰਾਂ, ਸੀਨੀਅਰ ਮੈਡੀਕਲ ਅਫਸਰਾਂ ਤੇ ਮਾਸ ਮੀਡੀਆ ਵਿੰਗ ਵੱਲੋਂ ਇਨਾਂ ਕੈਂਪਾਂ ਦਾ ਦੌਰਾ ਵੀ ਕੀਤਾ ਗਿਆ।