—ਯੋਗ ਨੌਜਵਾਨਾਂ ਨੂੰ ਵੋਟ ਬਣਵਾਉਣ ਦੀ ਅਪੀਲ
ਬਰਨਾਲਾ , 14 ਨਵੰਬਰ ( ਨਿਰਮਲ ਸਿੰਘ ਪੰਡੋਰੀ ) : ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਸਵੀਪ ਮੁਹਿੰਮ ਅਧੀਨ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੀ ਰਹਿਨੁਮਾਈ ਅਤੇ ਸਹਾਇਕ ਨੋਡਲ ਅਫਸਰ ਸਵੀਪ ਕਮ ਜ਼ਿਲਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਦੀ ਅਗਵਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਦੀ ਰਿਲੇਅ ਦੌੜ ਕਰਵਾਈ ਗਈ। ਇਸ ਮੌਕੇ ਚੋਣ ਕਾਨੂੰਗੋ ਮਨਜੀਤ ਸਿੰਘ ਅਤੇ ਚੋਣ ਦਫਤਰ ਵੱਲੋਂ ਗੁਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਜ਼ਿਲਾ ਸਿੱਖਿਆ ਦਫ਼ਤਰ ਸੈਕੰਡਰੀ ਤੋਂ ਮਨਪਾਲ ਸਿੰਘ ਐਲ.ਏ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲੇ ’ਚ ਨਵੀਆਂ ਵੋਟਾਂ ਬਣਾਉਣ ਅਤੇ ਸੁਧਾਈ ਦੀ ਮੁਹਿੰਮ ਜਾਰੀ ਹੈ। ਇਸ ਤਹਿਤ ਯੋਗ ਨੌਜਵਾਨਾਂ ਨੂੰ ਵੋਟ ਬਣਾਉੁਣ ਲਈ ਪ੍ਰੇਰਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਬਰਨਾਲਾ ਸ਼ਹਿਰ ’ਚ ਰਿਲੇਅ ਦੌੜ ਕਰਾਈ ਗਈ।
ਰਿਲੇਅ ਦੌੜ ’ਚ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਤੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਦੇ ਕਰੀਬ 80 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਦੌੜ ਰਵਾਨਾ ਕਰਦਿਆਂ ਅਧਿਕਾਰੀਆਂ ਨੇ ਨਵੇਂ ਵੋਟਰ ਬਣਨ ਦੇ ਯੋਗ ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ’ਚ ਪਹੁੰਚ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟ ਬਣਾਉਣ ਦੀ ਅਪੀਲ ਕੀਤੀ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋਈ ਰੇਸ ਰੇਲਵੇ ਸਟੇਸ਼ਨ, ਪੁਲ ਅਤੇ ਗੁਰੂਦੁਆਰਾ ਸ੍ਰੀ ਨਾਨਕਸਰ ਸਾਹਿਬ ਕੋਲੋਂ ਗੁਜ਼ਰਦਿਆਂ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਪਤ ਹੋਈ। ਇਸ ਦੌਰਾਨ ਵਿਦਿਆਰਥੀਆਂ ਨੇ “ਵੋਟ ਬਣਵਾਓ ਵੀ ਅਤੇ ਵੋਟ ਪਾਓ ਵੀ’’ ਜਿਹੇ ਨਾਅਰੇ ਲਾਏ।