ਚੰਡੀਗੜ, 19 ਨਵੰਬਰ ( ਨਿਰਮਲ ਸਿੰਘ ਪੰਡੋਰੀ ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਮੁੜ ਖੋਲਣਾ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫ਼ੈਸਲਾ ਕਰਕੇ ਭਾਜਪਾ ਨੇ ਪੰਜਾਬ ਦੀਆਂ ਰਾਜਨੀਤਿਕ ਗਤੀਵਿਧੀਆਂ ਨੂੰ ਨਵੇਂ ਪਲੇਟਫਾਰਮ ’ਤੇ ਖੜਾ ਕਰ ਦਿੱਤਾ ਹੈ, ਜਿੱਥੇ ਅੱਗੇ ਸ਼ੁਰੂ ਕਰਨ ਲਈ ਕਾਂਗਰਸ, ਅਕਾਲੀ ਦਲ, ਆਮ ਆਦਮੀ ਪਾਰਟੀ , ਬਸਪਾ ਨੂੰ ਦੁਬਾਰਾ ਰਣਨੀਤੀ ਬਣਾਉਣੀ ਪਵੇਗੀ। ਖੇਤੀ ਕਾਨੂੰਨ ਰੱਦ ਕਰਨ ਸੰਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਦੀ ਚੋਣ ਕਰਨਾ ਵੀ ਭਾਜਪਾ ਦੀ ਸਿਆਸੀ ਰਣਨੀਤੀ ਵਜੋਂ ਵੇਖਿਆ ਜਾ ਰਿਹਾ ਹੈ। ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਨੋਟਬੰਦੀ ਵਾਂਗ ਹੀ ਕੀਤਾ। ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਦੇ ਐਲਾਨ ਦਾ ਸਵਾਗਤ ਤਾਂ ਕੀਤਾ ਹੈ ਪ੍ਰੰਤੂ ਨਾਲ ਹੀ ਕਿਹਾ ਕਿ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਣ ਲਈ ਉੱਚਿਤ ਸੰਸਦੀ ਪ੍ਰਕਿਰਿਆਵਾਂ ਰਾਹੀ ਲਾਗੂ ਹੋਣ ਦੀ ਉਡੀਕ ਵੀ ਸੰਯੁਕਤ ਕਿਸਾਨ ਮੋਰਚਾ ਕਰੇਗਾ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਸ਼ੋਸਲ ਮੀਡੀਆ ’ਤੇ ਐਲਾਨ ਕੀਤਾ ਹੈ ਕਿ ਐਸਕੇਐਮ ਪ੍ਰਧਾਨ ਮੰਤਰੀ ਦੇ ਐਲਾਨ ਸੰਬੰਧੀ ਕੇਂਦਰ ਸਰਕਾਰ ਦੇ ਅਗਲੇ ਕਦਮ ਦੀ ਉਡੀਕ ਕਰੇਗਾ ਫਿਲਹਾਲ ਦਿੱਲੀ ਕਿਸਾਨ ਅੰਦੋਲਨ ਜਾਰੀ ਰਹੇਗਾ। ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਯਾਦ ਕਰਵਾਇਆ ਕਿ ਅੰਦੋਲਨ ਖੇਤੀ ਉਪਜਾਂ ਦੀਆਂ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਰੰਟੀ ਅਤੇ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਲੈਣ ਸੰਬੰਧੀ ਵੀ ਹੈ। ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ , ਗੁਰਨਾਮ ਸਿੰਘ ਚਡੂਨੀ, ਹਨਨ ਮੌਲਾ , ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ, ਯੁਧਵੀਰ ਸਿੰਘ ਨੇ ਪ੍ਰਧਾਨ ਮੰਤਰੀ ਦੇ ਐਲਾਨ ਤੋਂ ਬਾਅਦ ਪ੍ਰੈਸਨੋਟ ਜਾਰੀ ਕਰਕੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਕੇਂਦਰ ਸਰਕਾਰ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਨੋਟ ਕਰੇਗਾ, ਜਲਦੀ ਹੀ ਆਪਣੀ ਮੀਟਿੰਗ ਕਰਕੇ ਅਗਲੇ ਫ਼ੈਸਲਿਆ ਦਾ ਐਲਾਨ ਕਰੇਗਾ।