ਬਰਨਾਲਾ 20 ਜੂਨ (ਨਿਰਮਲ ਸਿੰਘ ਪੰਡੋਰੀ) ਬਰਨਾਲਾ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਬਰਨਾਲਾ ਵਿੱਚ ਸੁਪਰ ਸਪੈਸ਼ਲਿਟੀ ਹਸਪਤਾਲ ਜ਼ਰੂਰ ਬਣੇਗਾ ਜਿੱਥੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜ਼ੀ98 ਨਿਊਜ਼ ਨਾਲ ਗੱਲਬਾਤ ਕਰਦਿਆਂ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਪਣੀ ਬਰਨਾਲਾ ਫੇਰੀ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਵਿਖੇ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਵਾਲਾ ਸੁਪਰ ਸਪੈਸ਼ਲਿਟੀ ਹਸਪਤਾਲ ਬਣਾਉਣ ਦਾ ਐਲਾਨ ਕੀਤਾ ਸੀ। ਢਿੱਲੋਂ ਦੇ ਇਸ ਐਲਾਨ ਉਪਰ ਟਿੱਪਣੀਆਂ ਕਰਦੇ ਹੋਏ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕਿਹਾ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕੁਝ ਕੁ ਮਹੀਨੇ ਦਾ ਸਮਾਂ ਬਾਕੀ ਹੈ ਅਤੇ ਇੰਨੇ ਘੱਟ ਸਮੇਂ ਵਿੱਚ ਕੋਈ ਵੱਡਾ ਪ੍ਰਾਜੈਕਟ ਸ਼ੁਰੂ ਕਰਕੇ ਸਿਰੇ ਚੜ੍ਹਾਉਣਾ ਸੰਭਵ ਨਹੀਂ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਸਬੰਧੀ ਸਵਾਲ ਦੇ ਜਵਾਬ ਵਿੱਚ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਸਪਤਾਲ ਦੇ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਇਸ ਪ੍ਰਾਜੈਕਟ ਉਪਰ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਢਿੱਲੋਂ ਨੇ ਦਾਅਵਾ ਕੀਤਾ ਕਿ ਬਰਨਾਲਾ ਨੂੰ ਜ਼ਿਲ੍ਹਾ ਬਣਾਉਣ ਦੇ ਸਮੇਂ ਤੋਂ ਲੈ ਕੇ ਹੁਣ ਤਕ ਵੱਡੇ ਪ੍ਰੋਜੈਕਟ ਕਾਂਗਰਸ ਸਰਕਾਰ ਦੀ ਹੀ ਦੇਣ ਹਨ ਅਤੇ ਬਰਨਾਲਾ ਨੂੰ ਨਮੂਨੇ ਦਾ ਜ਼ਿਲ੍ਹਾ ਬਣਾਉਣ ਸੰਬੰਧੀ ਲੋਕਾਂ ਨਾਲ ਕੀਤਾ ਗਿਆ ਵਾਅਦਾ ਵੀ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ। ਬਰਨਾਲਾ ਸ਼ਹਿਰ ਦੇ ਵਿਕਾਸ ਕੰਮਾਂ ਚ ਬੇਲੋੜੀ ਦੇਰੀ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਢਿੱਲੋਂ ਨੇ ਕਿਹਾ ਕਿ ਵੱਡੇ ਪ੍ਰੋਜੈਕਟ ਰਾਤੋ ਰਾਤ ਪੂਰੇ ਨਹੀਂ ਹੁੰਦੇ ਪ੍ਰੰਤੂ ਫਿਰ ਵੀ ਵਿਕਾਸ ਕੰਮਾਂ ਚ ਤੇਜ਼ੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।