ਬਰਨਾਲਾ, 01 ਜੁਲਾਈ (ਨਿਰਮਲ ਸਿੰਘ ਪੰਡੋਰੀ) : ਪੰਜਾਬ ਕਾਂਗਰਸ ਦੇ ਗ੍ਰਹਿ ਯੁੱਧ ਨੂੰ ਖ਼ਤਮ ਕਰਨ ਲਈ ਕਾਂਗਰਸ ਹਾਈਕਮਾਨ ਫ਼ੈਸਲੇ ਦੇ ਨਜ਼ਦੀਕ ਪੁੱਜ ਚੁੱਕੀ ਹੈ। ਜੁਲਾਈ ਮਹੀਨੇ ਦੇ ਪਹਿਲੇ ਹਫ਼ਤੇ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਪੈਦਾ ਹੋਏ ਰੇੜਕੇ ਨੂੰ ਖ਼ਤਮ ਕਰਕੇ ਕਾਂਗਰਸ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਇੱਕਜੁਟਤਾ ਨਾਲ ਮੈਦਾਨ ਵਿੱਚ ਉੱਤਰਨ ਦੀ ਯੋਜਨਾ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਬੁੱਧਵਾਰ ਗਾਂਧੀ ਪਰਿਵਾਰ ਦਾ ਫਾਰਮੂਲਾ ਮੰਨ ਲਿਆ ਹੈ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਵਿੱਚ ਕੋਈ ਵੀ ਅਜਿਹਾ ਅਹੁਦਾ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਬਰਾਬਰ ਦੀ ਧਿਰ ਖੜੀ ਹੁੰਦੀ ਹੋਵੇ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੀ ਪਹਿਲੀ ਸੁਰ ਸੀ ਕਿ ਅਗਲੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਲਾਂਭੇ ਕੀਤਾ ਜਾਵੇ। ਦੇਸ਼ ਵਿੱਚ ਕਾਂਗਰਸ ਪਾਰਟੀ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ ਕਾਂਗਰਸ ਹਾਈ ਕਮਾਨ ਕੈਪਟਨ ਸਬੰਧੀ ਕੋਈ ਵੀ ਰਿਸਕੀ ਫ਼ੈਸਲਾ ਲੈਣ ਦੀ ਸਥਿਤੀ ਵਿੱਚ ਨਹੀਂ ਹੈ ਜਿਸ ਕਰਕੇ ਹਾਈ ਕਮਾਨ ਨੇ ਸਿੱਧੂ ਨੂੰ ਕੈਪਟਨ ਨਾਲ ਸੁਲਾ ਸਫ਼ਾਈ ਰੱਖਣ ਲਈ ਮਨਾਉਣ ਦੀ ਕਵਾਇਦ ਸ਼ੁਰੂ ਕੀਤੀ ਸੀ। ਜਿਸ ਤੋਂ ਬਾਅਦ ਪਿ੍ਯੰਕਾ ਗਾਂਧੀ ਨੇ ਸਿੱਧੂ ਨੂੰ ਮੀਟਿੰਗ ਲਈ ਬੁਲਾਇਆ ਅਤੇ ਲੰਮੀ ਮੀਟਿੰਗ ਤੋਂ ਬਾਅਦ ਪਿ੍ਯੰਕਾ ਗਾਂਧੀ ਨੇ ਸਿੱਧੂ ਦੀ ਰਾਹਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਵੀ ਮੀਟਿੰਗ ਕਰਵਾਈ, ਜਿਸ ਤੋਂ ਬਾਅਦ ‘ਗੁਰੂ’ ਦੇ ਸੁਰ ਨਰਮ ਹੋਏ ਦੱਸੇ ਜਾ ਰਹੇ ਹਨ। ਸੂਤਰਾਂ ਅਨਸਾਰ ਕਾਂਗਰਸ ਹਾਈਕਮਾਨ ਨੇ ਸਿੱਧੂ ਨੂੰ ਇਹ ਵੀ ਭਰੋਸਾ ਦਿੱਤਾ ਹੈ ਕਿ ਜੇਕਰ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਬਹੁਮਤ ਮਿਲਦਾ ਹੈ ਤਾਂ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ ਕਰਕੇ ਕਾਂਗਰਸ ਅਗਲੀ ਸਰਕਾਰ ਬਣਾਏਗੀ।