-ਚੁੱਕੇ ਜਾਣਗੇ ਸ਼ਹਿਰਾਂ ’ਚੋ ਕੂੜੇ ਦੇ ਢੇਰ
ਬਰਨਾਲਾ, 02 ਜੁਲਾਈ (ਨਿਰਮਲ ਸਿੰਘ ਪੰਡੋਰੀ) : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੂੰ ਇੱਕ ਵੱਡੀ ਸਮੱਸਿਆ ਤੋਂ ਬਚਾ ਲਿਆ ਹੈ। ਕੈਬਨਿਟ ਮੰਤਰੀ ਸ੍ਰੀ ਮਹਿੰਦਰਾ ਦੀ ਸੂਝਬੂਝ ਸਦਕਾ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋ ਗਈ ਹੈ। ਜ਼ਿਕਰਯੋਗ ਹੈ ਕਿ ਲੱਗਭਗ 40 ਦਿਨਾਂ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸਫ਼ਾਈ ਕਰਮਚਾਰੀ ਹੜਤਾਲ ’ਤੇ ਸਨ ਜਿਸ ਕਰਕੇ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਕੂੜੇ ਦੇ ਢੇਰ ਲੱਗੇ ਹੋਏ ਸਨ। ਸਫ਼ਾਈ ਕਰਮੀਆਂ ਨੇ ਕੁਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਜੇਕਰ ਸਰਕਾਰ ਨੇ ਉਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਕੂੜੇ ਦੀਆਂ ਟਰਾਲੀਆਂ ਭਰ ਕੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਦੇ ਘਰਾਂ ਅੱਗੇ ਢੇਰ ਲਗਾ ਦੇਣਗੇ ।
ਵਿਭਾਗੀ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਆਗੂਆਂ ਨੂੰ ਬੁਲਾ ਕੇ ਉਨਾਂ ਦੀਆਂ ਮੰਗਾਂ ਸਬੰਧੀ ਸਤੁੰਸ਼ਟੀ ਕਰਵਾਈ ਅਤੇ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ। ਜਿਸ ਤੋਂ ਬਾਅਦ ਸਫ਼ਾਈ ਕਰਮੀਆਂ ਨੇ ਮੰਤਰੀ ਉੱਪਰ ਵਿਸ਼ਵਾਸ਼ ਕਰਦੇ ਹੋਏ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਸ਼ਹਿਰਾਂ ਵਿੱਚ ਲੱਗੇ ਕੂੜੇ ਦੇ ਢੇਰ ਖ਼ਤਮ ਹੋ ਜਾਣਗੇ ਤੇ ਸ਼ਹਿਰੀਆਂ ਨੂੰ ਬਦਬੂ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਸੂਤਰਾਂ ਅਨੁਸਾਰ ਸਫ਼ਾਈ ਕਰਮੀਆਂ ਦੀ ਹੜਤਾਲ ਖ਼ਤਮ ਕਰਵਾਉਣ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋ ਨੇ ਵੀ ਅਹਿਮ ਭੂਮਿਕਾ ਨਿਭਾਈ, ਜਿਨਾਂ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਮਿਲ ਕੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਅਤੇ ਮੰਗਾਂ ਉੱਪਰ ਹਮਦਰਦੀ ਨਾਲ ਵਿਚਾਰ ਕਰਨ ਲਈ ਕਿਹਾ ਸੀ।