ਚੰਡੀਗੜ, 05 ਜੁਲਾਈ (ਨਿਰਮਲ ਸਿੰਘ ਪੰਡੋਰੀ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਨੇ ਸੋਮਵਾਰ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਦੀ ਕਾਰਜਗਾਰੀ ’ਤੇ ਟਿੱਪਣੀ ਕਰਦੇ ਹੋਏ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ‘‘ਚਿੱਟਾ ਹਾਥੀ’’ ਕਹਿ ਦਿੱਤਾ। ਭਗਵੰਤ ਮਾਨ ਐਡਵੋਕੇਟ ਜਨਰਲ ਦੀ ਬੇਅਦਬੀ ਕਾਂਡ ਸਮੇਤ ਪਿਛਲੇ ਸਮੇਂ ਦੌਰਾਨ ਉੱਚ ਅਦਾਲਤਾਂ ’ਚ ਪੰਜਾਬ ਸਰਕਾਰ ਵੱਲੋਂ ਮਾੜੀ ਕਾਨੂੰਨੀ ਚਾਰਾਜੋਈ ਉੱਪਰ ਟਿੱਪਣੀ ਕਰ ਰਹੇ ਸਨ। ਉਨਾਂ ਕਿਹਾ ਕਿ ਹੁਣ ਜਦੋਂ ਪੰਜਾਬ ਕਾਂਗਰਸ ਦੇ ਚੋਟੀ ਦੇ ਆਗੂਆਂ ਨੇ ਦਿੱਲੀ ਸਰਕਾਰ ਦੇ ਬਿਜਲੀ ਮਾਡਲ ਦੀ ਤਾਰੀਫ ਕਰਦੇ ਹੋਏ ਮੰਨ ਲਿਆ ਹੈ ਕਿ ਪੰਜਾਬ ’ਚ ਵੀ ਹਰ ਘਰ ਨੂੰ 300 ਯੂਨਿਟ ਬਿਜਲੀ ਫ਼ਰੀ ਅਤੇ 24 ਘੰਟੇ ਦਿੱਤੀ ਜਾ ਸਕਦੀ ਹੈ ਤਾਂ ਅਜਿਹੇ ਆਗੂ ਨੂੰ ਤੁਰੰਤ ਪੰਜਾਬ ਦਾ ਬਿਜਲੀ ਮੰਤਰੀ ਬਣਾ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਸੂਬੇ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੇ ਸ਼ੈਸਨ ਵਿੱਚ ਪਹਿਲਾ ਫ਼ੈਸਲਾ ਅਕਾਲੀ ਭਾਜਪਾ ਸਰਕਾਰ ਵੱਲੋਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਨੂੰ ਰੱਦ ਕਰਨ ਦਾ ਲਿਆ ਜਾਵੇਗਾ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮੰਗ ਹੈ ਕਿ ਭਾਰਤੀ ਚੋਣ ਕਮਿਸ਼ਨ ਰਾਜਨੀਤਿਕ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਂਦੇ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਸੰਬੰਧੀ ਕਾਰਵਾਈ ਸ਼ੁਰੂ ਕਰੇ ਤਾਂ ਜੋ ਕੋਈ ਵੀ ਸਿਆਸੀ ਪਾਰਟੀ ਵੋਟਾਂ ਲੈਣ ਲਈ ਲਾਲਚ ਦੇ ਕੇ ਲੋਕਾਂ ਦੀਆਂ ਭਾਵਨਾਵਾ ਨਾਲ ਨਾ ਖੇਡ ਸਕੇ।