-ਪੰਜਾਬ ਦੇ ਮੁਹੱਲਾ ਕਲੀਨਿਕ ਕੇਂਦਰ ਦੀ ਅੱਖ ‘ਚ ਰੜਕੇ
ਚੰਡੀਗੜ੍ਹ 16 ਫਰਵਰੀ (ਨਿਰਮਲ ਸਿੰਘ ਪੰਡੋਰੀ)-ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ‘ਤੇ ਖਰਚ ਕੀਤੇ ਗਏ ਕਰੋੜਾਂ ਰੁਪਇਆ ਦੇ ਪਰਦੇ ਪਿਛਲੀ ਕਹਾਣੀ ਸਾਹਮਣੇ ਆਉਂਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਇਹਨਾਂ ਕਲੀਨਕਾਂ ਉਪਰ ਪੰਜਾਬ ਸਰਕਾਰ ਵੱਲੋਂ ਖਰਚ ਕੀਤੇ ਪੈਸੇ ਸਬੰਧੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸਿੱਧੇ ਤੌਰ ‘ਤੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚ 500 ਮੁਹੱਲਾ ਕਲੀਨਿਕ ਖੋਲ੍ਹਣ ਲਈ “ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ” (PMJAY) ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆਂ ਨੇ ਕਿਹਾ ਹੈ ਕਿ ਪੰਜਾਬ ਤੇ ਆਂਧਰਾ ਪ੍ਰਦੇਸ਼ ਦੀਆਂ ਸਰਕਾਰਾਂ “ਮੈਮੋਰੰਡਮ ਆਫ਼ ਅੰਡਰਸਟੈਂਡਿੰਗ” (MOU) ਦੀ ਵੀ ਉਲੰਘਣਾ ਕਰ ਰਹੀਆਂ ਹਨ, ਜਿਸ ਸੰਬੰਧੀ ਪੰਜਾਬ ਅਤੇ ਆਂਧਰਾ ਪ੍ਰਦੇਸ਼ ਨੂੰ ਪੱਤਰ ਵੀ ਲਿਖੇ ਗਏ ਹਨ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦੇ ਫੰਡਾਂ ਦੀ ਵਰਤੋਂ ਨਾਲ ਹੋਰ ਨਾਵਾਂ ਹੇਠ ਸੁਵਿਧਾਵਾਂ ਸ਼ੁਰੂ ਕੀਤੀਆਂ ਹਨ ਜੋ MOU ਦੀ ਉਲੰਘਣਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸੇ ਵਿਸ਼ੇਸ਼ ਯੋਜਨਾ ਤਹਿਤ ਜੋ ਫੰਡ ਰਾਜ ਸਰਕਾਰਾਂ ਨੂੰ ਕੇਂਦਰ ਵੱਲੋਂ ਦਿੱਤੇ ਜਾਂਦੇ ਹਨ ਉਨ੍ਹਾਂ ਨੂੰ ਕਿਸੇ ਹੋਰ ਨਾਮ ‘ਤੇ ਵਰਤੋਂ ਕਰਨਾ ਠੀਕ ਨਹੀਂ ਹੈ । ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਦਾ ਪੈਸਾ MOU ਮੁਤਾਬਕ ਨਹੀਂ ਖ਼ਰਚ ਕੀਤਾ ਜਾਂਦਾ ਤਾਂ ਪੰਜਾਬ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਮਜਬੂਰਨ ਕੇਂਦਰ ਨੂੰ NHM ਦੇ ਫੰਡ ਵੀ ਰੋਕਣੇ ਪੈ ਸਕਦੇ ਹਨ