ਚੰਡੀਗੜ, 07 ਜੁਲਾਈ (ਜੀ98 ਨਿਊਜ਼) : ਪੰਜਾਬ ਨੇ ਕੇਂਦਰ ਤੋਂ ਸੂਬੇ ’ਚ ਦੋ ਹੋਰ ਸੈਨਿਕ ਸਕੂਲ ਖੋਲਣ ਦੀ ਮੰਗ ਕੀਤੀ ਹੈ । ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਇਹ ਮੰਗ ਜ਼ੋਰਦਾਰ ਤਰੀਕੇ ਨਾਲ ਰੱਖੀ। ਵਿੱਤ ਮੰਤਰੀ ਪੰਜਾਬ ਨੇ ਕਿਹਾ ਕਿ ਸੂਬੇ ’ਚ ਇੱਕੋ ਸੈਨਿਕ ਸਕੂਲ ਕਪੂਰਥਲਾ ਵਿਖੇ ਬਣਿਆ ਹੋਇਆ ਹੈ ਅਤੇ ਹੁਣ ਗੁਰਦਾਸਪੁਰ ਅਤੇ ਬਠਿੰਡਾ ਵਿਖੇ ਦੋ ਹੋਰ ਸੈਨਿਕ ਸਕੂਲ ਬਣਾਉਣ ਦੀ ਮੰਗ ਕੀਤੀ ਗਈ ਹੈ। ਉਨਾਂ ਮਾਣ ਮਹਿਸੂਸ ਕੀਤਾ ਕਿ ਪੰਜਾਬ ਫੌਜੀ ਸਨਮਾਨ ਅਤੇ ਬਹਾਦਰੀ ਪੁਰਸਕਾਰ ਲਈ ਭਾਰਤ ਦਾ ਮੋਹਰੀ ਸੂਬਾ ਰਿਹਾ ਹੈ। ਵਿੱਤ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਗੁਰਦਾਸਪੁਰ ਜ਼ਿਲੇ ’ਚ ਸੈਨਿਕ ਸਕੂਲ ਲਈ 40 ਏਕੜ ਜ਼ਮੀਨ ਅਲਾਟ ਕੀਤੀ ਹੈ। ਵਿੱਤ ਮੰਤਰੀ ਪੰਜਾਬ ਨੇ ਰੱਖਿਆ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਬਠਿੰਡਾ ਫੌਜੀ ਛਾਉਣੀ ਨੇੜੇ ਆਧੁਨਿਕ ਬੱਸ ਅੱਡਾ ਅਤੇ ਟਰਮੀਨਲ ਲਈ ਪ੍ਰਵਾਨਗੀ ਦਿੱਤੀ ਜਾਵੇ। ਮਨਪ੍ਰੀਤ ਸਿੰਘ ਬਾਦਲ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅ੍ਰੰਮਿਤਸਰ ਵਿਖੇ ਪੰਜਾਬ ਜੰਗੀ ਨਾਇਕ ਯਾਦਗਾਰ ਅਤੇ ਅਜਾਇਬ ਘਰ ਦਾ ਦੌਰਾ ਕਰਨ ਦਾ ਸੱਦਾ ਵੀ ਦਿੱਤਾ।