ਬਰਨਾਲਾ 13 ਮਾਰਚ ( ਨਿਰਮਲ ਸਿੰਘ ਪੰਡੋਰੀ)-
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਧੀਨ “ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ “ਵਿਸ਼ਵ ਗਲੋਕੋਮਾ ਹਫ਼ਤੇ” ਨੂੰ ਸਮਰਪਿਤ ਜਾਗਰੂਕਤਾ ਪੈਂਫਲੇਟਸ ਜਾਰੀ ਕੀਤੇ ਗਏ। ਇਸ ਮੌਕੇ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ 12 ਤੋਂ 18 ਮਾਰਚ ਤੱਕ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਹਸਪਤਾਲ, ਸਬ ਡਿਵਿਜ਼ਨਲ ਹਸਪਤਾਲ ਅਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕਾਲੇ ਮੋਤੀਏ ਦੇ ਮਰੀਜ਼ਾਂ ਦੀ ਸ਼ਨਾਖਤ ਲਈ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ। ਡਾ. ਔਲਖ ਨੇ ਦੱਸਿਆ ਕਿ ਭਾਰਤ ਵਿੱਚ ਕਾਲਾ ਮੋਤੀਆ ਸਥਾਈ ਨੇਤਰਹੀਨਤਾ ਦੇ ਮੁੱਖ ਕਾਰਨਾਂ ਵਿੱਚੋਂ ਮੁੱਖ ਕਾਰਨ ਹੈ। ਕਾਲੇ ਮੋਤੀਏ ਦੇ ਲੱਛਣਾਂ ਵਿੱਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਨੰਬਰ ਵਾਰ-ਵਾਰ ਬਦਲਣਾ, ਰੌਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਨਾਲ ਨਜ਼ਰ ਦਾ ਅਚਾਨਕ ਘਟਨਾ, ਨਿਗ੍ਹਾ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਦਾ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ ਸੰਭਵ ਹੈ। ਇਸ ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫਸਰ ਸਹਾਇਕ ਸਿਵਲ ਸਰਜਨ ਬਰਨਾਲਾ ਡਾ. ਮਨੋਹਰ ਲਾਲ ਨੇ ਵਿਸ਼ੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਆਪਣੀਆਂ ਅੱਖਾਂ ਦਾ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਕਿ ਸਮੇ ਸਿਰ ਕਾਲੇ ਮੋਤੀਏ ਦੀ ਪਛਾਣ ਕਰਕੇ ਇਸ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਗੁਲੋਕੋਮਾ ਪ੍ਰਤੀ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਹੈ, ਜਿਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਕਾਲੇ ਮੋਤੀਏ ਤੋਂ ਪੀੜਤ ਹੋਵੇ ਜਾਂ ਕੋਈ ਵਿਅਕਤੀ ਸ਼ੂਗਰ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋਵੇ। ਇਸ ਤੋਂ ਇਲਾਵਾ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਵਧੇਰੇ ਸਟੀਰਾਇਡ ਵਰਤਣ ਵਾਲਿਆਂ ਨੂੰ ਵੀ ਇਸ ਰੋਗ ਤੋਂ ਚੌਕਸ ਰਹਿਣ ਦੀ ਜ਼ਰੂਰਤ ਹੁੰਦੀ ਹੈ। ਇਸ ਮੌਕੇ ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਇੰਦੂ ਬਾਂਸਲ ਅਤੇ ਅਮੋਲਦੀਪ ਕੌਰ ਅੱਖਾਂ ਦੇ ਮਾਹਿਰ, ਕਰਮਜੀਤ ਸਿੰਘ ਆਪਥਾਲਮਿਕ ਅਫਸਰ ਸਿਵਲ ਹਸਪਤਾਲ ਬਰਨਾਲਾ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਤੇ ਮੈਡਮ ਆਰਾਧਨਾ ਆਦਿ ਹਾਜ਼ਰ ਸਨ।