ਬਰਨਾਲਾ, 09 ਜੁਲਾਈ (ਨਿਰਮਲ ਸਿੰਘ ਪੰਡੋਰੀ) : ਪੰਜਾਬ ਸਰਕਾਰ ਦੇ 6ਵੇਂ ਵਿੱਤ ਕਮਿਸ਼ਨ ਦੀਆਂ ਸਿਫ਼ਾਰਸਾਂ ਖ਼ਿਲਾਫ਼ ਸਰਕਾਰੀ ਮੁਲਾਜ਼ਮਾਂ ਅਤੇ ਪੈਨਸਰਜ਼ ਦਾ ਰੋਸ ਵੱਧਦਾ ਜਾ ਰਿਹਾ ਹੈ। ਸਾਰੇ ਪੰਜਾਬ ਦੇ ਮੁਲਾਜ਼ਮ ਕੰਮ-ਕਾਰ ਛੱਡ ਕੇ ਸਰਕਾਰ ਦੇ ਖ਼ਿਲਾਫ਼ ਧਰਨੇ ਦੇ ਰਹੇ ਹਨ। ਬਰਨਾਲਾ ਵਿਖੇ ਵੀ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਤਰਸੇਮ ਭੱਠਲ ਜ਼ਿਲਾ ਪ੍ਰਧਾਨ ਦੀ ਅਗਵਾਈ ਵਿੱਚ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਕਰਕੇੇ 6ਵੇਂ ਤਨਖਾਹ ਕਮਿਸ਼ਨ ਦੇ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇਸ ਰੋਸ ਰੈਲੀ ਵਿੱਚ ਤਰਸੇਮ ਭੱਠਲ ਜ਼ਿਲਾ ਪ੍ਰਧਾਨ, ਰਵਿੰਦਰ ਸ਼ਰਮਾ ਜਨਰਲ ਸਕੱਤਰ, ਰੇਸ਼ਮ ਸਿੰਘ ਪ੍ਰਧਾਨ ਡੀ.ਸੀ ਦਫ਼ਤਰ ਬਰਨਾਲਾ, ਕਰਮਜੀਤ ਸਿੰਘ ਬੀਹਲਾ ਫੈਡਰੇਸ਼ਨ ਆਗੂ, ਜਗਰਾਜ ਸਿੰਘ ਟੱਲੇਵਾਲ, ਗੁਰਮੀਤ ਸਿੰਘ ਸੁਖਪੁਰਾ, ਕਰਮਜੀਤ ਕੌਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 6ਵੇਂ ਪੇ ਕਮਿਸ਼ਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਹੈ। ਇਸ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਤਾਂ ਕੀ ਕਰਨਾ ਸੀ ਸਗੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਘਟਾ ਦਿੱਤੀਆਂ ਹਨ। ਉਨਾਂ ਕਿਹਾ ਕਿ ਪੇ ਕਮਿਸ਼ਨ ਦੀਆਂ ਮੁਲਾਜ਼ਮ ਵਿਰੋਧੀ ਸਿਫ਼ਾਰਸਾਂ ਖਿਲਾਫ਼ ਜਥੇਬੰਦੀਆਂ ਨੇ ਲਕੀਰ ਖਿੱਚ ਕੇ ਸੰਘਰਸ਼ ਸ਼ੁਰੂ ਕੀਤਾ ਹੈ ਜੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਇਸ ਦੌਰਾਨ ਸ਼ਹਿਰ ਵਿੱਚ ਰੋਸ ਮਾਰਚ ਕੱਢਣ ਤੋਂ ਬਾਅਦ ਬਰਨਾਲਾ ਦੇ ਕਚਿਹਰੀ ਚੌਕ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਪੇ ਕਮਿਸ਼ਨ ਸੰਬੰਧੀ ਮੁਲਾਜ਼ਮਾਂ ਦੇ ਰੋਸ ਨੂੰ ਅਣਗੌਲਿਆਂ ਕੀਤਾ ਤਾਂ ਪਟਿਆਲਾ ਵਿਖੇ 1 ਲੱਖ ਮੁਲਾਜ਼ਮਾਂ ਦਾ ਇਕੱਠ ਕਰਕੇ ਮਹਾਂਰੈਲੀ ਕੀਤੀ ਜਾਵੇਗੀ ਜੋ ਮੁਲਾਜ਼ਮ ਵਿਰੋਧੀ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ।