ਬਰਨਾਲਾ 14 ਜੁਲਾਈ (ਨਿਰਮਲ ਸਿੰਘ ਪੰਡੋਰੀ) ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪਿੰਡਾਂ ਦੇ ਲੋਕਾਂ ਨੇ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਪਿੰਡਾਂ ਵਿੱਚ ਐਂਟਰੀ ਸਬੰਧੀ ਫ਼ੈਸਲੇ ਲੈਣੇ ਸ਼ੁਰੂ ਕਰ ਦਿੱਤੇ ਹਨ,ਭਾਵੇਂ ਕਿ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਸੀ ਕਿ ਸਿਰਫ਼ ਭਾਜਪਾ ਆਗੂਆਂ ਦਾ ਹੀ ਪਿੰਡਾਂ ਵਿਚ ਆਉਣ ‘ਤੇ ਵਿਰੋਧ ਕੀਤਾ ਜਾਵੇਗਾ ਪਰ ਕੁਝ ਪਿੰਡਾਂ ਦੇ ਆਗੂਆਂ ਵੱਲੋਂ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਬਾਈਕਾਟ ਕਰਨ ਦੇ ਫ਼ੈਸਲੇ ਲਏ ਜਾ ਰਹੇ ਹਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਵਿੱਚ ਵੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਪਿੰਡ ਵਿੱਚ ਐਂਟਰੀ ਦੇ ਮੁਕੰਮਲ ਬਾਈਕਾਟ ਦਾ ਐਲਾਨ ਕੀਤਾ ਹੈ। ਪਿੰਡ ਵਾਸੀਆਂ ਨੂੰ ਵੀ ਕਿਸੇ ਵੀ ਪਾਰਟੀ ਦੇ ਸਿਆਸੀ ਆਗੂ ਨੂੰ ਪਿੰਡ ‘ਚ ਬੁਲਾਉਣ ਸਬੰਧੀ ਚਿਤਾਵਨੀ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚੇ ਦੇ ਇਸ ਫੈਸਲੇ ਨੂੰ ਵਿਧਾਨ ਸਭਾ ਚੋਣਾਂ ਨੇੜੇ ਹੋਣ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਉਪਰ ਦਬਾਅ ਪਾਉਣ ਦੀ ਰਣਨੀਤੀ ਵਜੋਂ ਹੀ ਵੇਖਿਆ ਜਾ ਰਿਹਾ ਹੈ। ਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਾਅਦ ਪਿੰਡਾਂ ਵਿੱਚ ਕਾਂਗਰਸ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਕਸੂਤੀ ਮਨੋਸਥਿਤੀ ਵਿੱਚ ਫਸੇ ਹੋਏ ਹਨ। ਇਨ੍ਹਾਂ ਪਾਰਟੀਆਂ ਦੇ ਪੇਂਡੂ ਵਰਕਰਾਂ ਦੀ ਸਥਿਤੀ “ਸੱਪ ਦੇ ਮੂੰਹ ‘ਚ ਕੋਹੜ ਕਿਰਲੀ” ਵਾਲੀ ਬਣੀ ਹੋਈ ਹੈ,ਇਕ ਪਾਸੇ ਪਿੰਡ ਦਾ ਭਾਈਚਾਰਾ ਅਤੇ ਦੂਜੇ ਪਾਸੇ ਉਹ ਸਿਆਸੀ ਆਗੂ ਜਿਨ੍ਹਾਂ ਤੋਂ ਇਨ੍ਹਾਂ ਵਰਕਰਾਂ ਨੇ ਆਪਣੇ ਨਿੱਜੀ ਕੰਮ ਕਰਵਾਏ ਹਨ। ਬਹਰਹਾਲ ! ਸੰਯੁਕਤ ਕਿਸਾਨ ਮੋਰਚਾ ਦੇ ਇਸ ਫੈਸਲੇ ਤੋਂ ਬਾਅਦ ਪਿੰਡਾਂ ਵਿਚਲੀਆਂ ਸਿਆਸੀ ਗਤੀਵਿਧੀਆਂ ‘ਤੇ ਸਭ ਦੀ ਨਜ਼ਰ ਰਹੇਗੀ।