ਬਰਨਾਲਾ,21 ਜੁਲਾਈ (ਨਿਰਮਲ ਸਿੰਘ ਪੰਡੋਰੀ) : ਪ੍ਰਧਾਨ ਮੰਤਰੀ ਕਿਸਾਨ ਯੋਜਨਾ ਸਕੀਮ ਤਹਿਤ ਗਲਤ ਜਾਣਕਾਰੀ ਦੇ ਕੇ ਵਿੱਤੀ ਲਾਭ ਪ੍ਰਾਪਤ ਕਰਨ ਵਾਲੇ ਕਿਸਾਨਾਂ ਤੋਂ ਕੇਂਦਰ ਸਰਕਾਰ ਪੈਸੇ ਵਸੂਲ ਕਰੇਗੀ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਸਦ ਵਿੱਚ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਦੇ 5.62 ਲੱਖ ਕਿਸਾਨਾਂ ਤੋਂ 437 ਕਰੋੜ ਵਸੂਲ ਕਰੇਗੀ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਸਰਕਾਰ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਸਾਲ ਵਿੱਤੀ ਸਹਾਇਤਾ ਦਿੰਦੀ ਹੈ। ਭਾਂਵੇ ਕਿ ਸਰਕਾਰ ਦਾ ਤਰਕ ਹੈ ਕਿ ਗਲਤ ਲਾਭ ਪ੍ਰਾਪਤ ਕਰਨ ਵਾਲੇ ਕਿਸਾਨਾਂ ਤੋਂ ਹੀ ਇਹ ਰਕਮ ਵਾਪਸ ਲਈ ਜਾਵੇਗੀ ਪਰ ਕੇਂਦਰ ਸਰਕਾਰ ਦੇ ਇਸ ਫੈਸਲੇ ਨੇ ਚਰਚਾ ਛੇਡ ਦਿੱਤੀ ਹੈ ਕਿ ਇੱਕ ਪਾਸੇ ਕਿਸਾਨ ਜਥੇਬੰਦੀਆਂ ਅੰਦੋਲਨ ਦੌਰਾਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਕਿਸਾਨਾਂ ਲਈ ਵਿੱਤੀ ਸਹਾਇਤਾ ਸਮੇਤ ਖੇਤੀਬਾੜੀ ਨੂੰ ਰਾਹਤ ਦੀ ਮੰਗ ਕਰ ਰਹੀਆਂ ਹਨ ਪਰ ਦੂਜੇ ਪਾਸੇ ਸਰਕਾਰ ਨਿਗੂਣੀ ਦਿੱਤੀ ਮੱਦਦ ਆਨੇ ਬਹਾਨੇ ਵਾਪਸ ਲੈ ਰਹੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਕਿਸਾਨਾਂ ਦੇ ਖ਼ਾਤਿਆਂ ਵਿੱਚ ਪੈਸੇ ਪੈਣ ਤੋਂ ਪਹਿਲਾਂ ਸੰਬੰਧਿਤ ਅਧਿਕਾਰੀਆਂ ਨੇ ਪੜਤਾਲ ਕੀਤੀ ਹੈ ਤਾਂ ਹੁਣ ਪੈਸੇ ਵਾਪਸ ਕਿਉ ਮੰਗੇ ਜਾ ਰਹੇ ਹਨ।