ਚੰਡੀਗੜ੍ਹ 17 ਜੁਲਾਈ- ਪੰਜਾਬ ਵਿਜੀਲੈਂਸ ਬਿਊਰੋ ਨੇ ਜਾਅਲੀ ਵਿੱਦਿਅਕ ਦਸਤਾਵੇਜ਼ਾਂ ਆਧਾਰ ‘ਤੇ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੀ ਇੱਕ ਪ੍ਰਿੰਸੀਪਲ ਨੂੰ ਗ੍ਰਿਫਤਾਰ ਕੀਤਾ ਹੈ । ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਮੋਹਾਲੀ ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਸਰਟੀਫਿਕੇਟ ਦੇ ਅਧਾਰ ‘ਤੇ ਨੌਕਰੀ ਲੈਣ ਅਤੇ ਤਰੱਕੀ ਲੈਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਤੋਂ M.COM ਦੀ ਡਿਗਰੀ ਦੇ ਅਧਾਰ ‘ਤੇ ਨੌਕਰੀ ਪ੍ਰਾਪਤ ਕੀਤੀ ਸੀ । ਇਸ ਨੌਕਰੀ ਦੀ ਤਸਦੀਕ ਨਾ ਹੋਣ ‘ਤੇ ਉਸ ਦੇ ਖ਼ਿਲਾਫ਼ ਵਿਜੀਲੈਂਸ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ ਖੁਲਾਸਾ ਹੋਇਆ ਕਿ ਪਰਮਜੀਤ ਕੌਰ ਵੱਲੋਂ ਨੌਕਰੀ ਲੈਣ ਸਮੇਂ ਦਿੱਤੀ ਗਈ ਡਿਗਰੀ ਫਰਜ਼ੀ ਹੈ। ਜਿਸ ਤੋਂ ਬਾਅਦ ਉਸ ਦੇ ਖਿਲਾਫ਼ ਮੁਕੱਦਮਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ।